ਮਾਨਾਂਵਾਲਾ, 10 ਮਾਰਚ (ਗੁਰਦੀਪ ਸਿੰਘ ਨਾਗੀ)-ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀਆਂ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000-1000 ਅਤੇ ਐੱਸ. ਸੀ. ਵਰਗ ਦੀਆਂ ਮਹਿਲਾਵਾਂ ਨੂੰ 1500-1500 ਰੁਪਏ ਦੇਣ ਦਾ ਐਲਾਨ ਕਰਕੇ ਇਤਿਹਾਸ ਸਿਰਜਿਆ ਹੈ | ਇਹ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ 'ਆਪ' ਆਗੂ ਤੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਸੋਢੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਾਸੀਆਂ ਨਾਲ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਜਾਰੀ ਕੀਤੇ ਤਮਾਮ ਚੋਣ ਵਾਅਦਿਆਂ ਨੂੰ ਅਮਲੀਜਾਮਾ ਪਹਿਨਾ ਦਿੱਤਾ ਹੈ ਅਤੇ ਖਾਸਕਰ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ' ਕਰਕੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਨਿਭਾ ਕੇ ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲੇ ਵਿਰੋਧੀਆਂ ਨੂੰ ਚੁੱਪ ਕਰਵਾ ਦਿੱਤਾ ਹੈ |