ਅੰਮਿ੍ਤਸਰ, 10 ਮਾਰਚ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿਖੇ ਚੱਲ ਰਹੇ ਟਾਵਰ ਮੋਰਚੇ ਵਿਚ 12 ਮਾਰਚ ਨੂੰ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ | ਪਾਰਟੀ ਦੇ ਪ੍ਰੈੱਸ ਸਕੱਤਰ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਸੂਚਨਾ ਅਨੁਸਾਰ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ 12 ਮਾਰਚ ਨੂੰ ਪਾਰਟੀ ਵਰਕਰਾਂ ਦਾ ਵੱਡਾ ਜਥਾ ਸਮਾਣਾ ਪਹੁੰਚ ਕੇ ਟਾਵਰ ਮੋਰਚੇ 'ਚ ਹਾਜ਼ਰੀ ਭਰੇਗਾ ਅਤੇ ਪੰਜਾਬ ਸਰਕਾਰ ਤੋਂ ਮੰਗ ਕਰੇਗਾ ਕਿ ਬੇਅਦਬੀਆਂ ਰੋਕਣ ਅਤੇ ਅਜਿਹੀਆਂ ਘਿਨੌਣੀਆਂ ਹਰਕਤਾਂ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਤੁਰੰਤ ਪ੍ਰਭਾਵ ਨਾਲ ਮਜ਼ਬੂਤ ਅਤੇ ਸਪੱਸ਼ਟ ਕਾਨੂੰਨ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸਮਾਣਾ ਵਿਖੇ ਚੱਲ ਰਹੇ ਮੋਰਚੇ ਵਿਚ ਸੰਗਤਾਂ ਵਲੋਂ ਉਠਾਈ ਜਾ ਰਹੀ ਮੰਗ ਪੂਰੀ ਤਰ੍ਹਾਂ ਜਾਇਜ਼ ਹੈ, ਪਰ ਪੰਜਾਬ ਦੀ 'ਆਪ' ਸਰਕਾਰ ਇਸ ਗੰਭੀਰ ਮਾਮਲੇ 'ਤੇ ਆਪਣੀ ਜ਼ਿੰਮੇਵਾਰੀ ਤੋਂ ਕਦਮ ਪਿੱਛੇ ਖਿੱਚਦੀ ਨਜ਼ਰ ਆ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਚੋਣਾਂ ਦੌਰਾਨ ਬੇਅਦਬੀ ਦੇ ਮਾਮਲਿਆਂ ਸੰਬੰਧੀ ਸਖ਼ਤ ਕਾਨੂੰਨ ਬਣਾਉਣ ਦੇ ਵਾਅਦੇ ਕੀਤੇ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਹੁਣ ਉਨ੍ਹਾਂ ਵਾਅਦਿਆਂ ਤੋਂ ਮੁਕਰਿਆ ਜਾ ਰਿਹਾ ਹੈ | ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਿੰਡ ਸਠਿਆਲਾ ਵਿਖੇ ਪਾਵਨ ਸਰੂਪ ਦੀ ਹੋਈ ਘੋਰ ਬੇਅਦਬੀ ਨੇ ਸਮੂਹ ਸਿੱਖ ਜਗਤ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ |