ਅੰਮਿ੍ਤਸਰ, 10 ਮਾਰਚ (ਰੇਸ਼ਮ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਡਿਪਟੀ ਕਮਿਸ਼ਨਰ ਅੰਮਿ੍ਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਅਤੇ ਸ਼ਹਿਰਾਂ 'ਚ 58 ਸੁਵਿਧਾ ਕੈਂਪ ਲਗਾਏ ਗਏ ਹਨ | ਇਸ ਤੋਂ ਇਲਾਵਾ ਜ਼ਿਲ੍ਹੇ 'ਚ 544 ਕਾਮਨ ਸੈਂਟਰਾਂ 'ਚ ਵੀ ਇਹ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਡਵੀਜ਼ਨਲ ਅਤੇ ਸਬ ਡਵੀਜ਼ਨਲ ਹਸਪਤਾਲਾਂ 'ਚ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮਿ੍ਤਸਰ ਵਿਖੇ ਸਥਿਤ ਸੇਵਾ ਕੇਂਦਰ ਵਿਚ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਸਹੂਲਤ ਦਿੱਤੀ ਗਈ ਹੈ | ਇਸ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਸਰਕਾਰੀ ਹਸਪਤਾਲਾਂ ਦੇ ਨਾਲ ਨਾਮੀ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 89 ਨਾਮੀਗ੍ਰਾਮੀ ਹਸਪਤਾਲ ਮੁਫ਼ਤ ਇਲਾਜ ਲਈ ਸੂਚੀਬੱਧ ਕੀਤੇ ਗਏ ਹਨ | ਇਸ ਲਈ ਲੋੜੀਂਦੇ ਦਸਤਾਵੇਜ਼ ਵੋਟਰ ਕਾਰਡ ਅਤੇ 18 ਸਾਲ ਤੋਂ ਘੱਟ ਲਈ ਜਨਮ ਸਰਟੀਫਿਕੇਟ ਜ਼ਰੂਰੀ ਹੈ |