ਅੰਮਿ੍ਤਸਰ, 10 ਮਾਰਚ (ਰੇਸ਼ਮ ਸਿੰਘ)- ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ 'ਚ ਡੀ.ਸੀ. ਦਲਵਿੰਦਰਜੀਤ ਸਿੰਘ ਵਲੋਂ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ 'ਚ ਆਪਣੀ ਡਿਊਟੀ ਨੂੰ ਇਮਾਨਦਾਰੀ, ਲਗਨ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਵਾਲੀਆਂ 33 ਮਹਿਲਾ ਬੂਥ ਲੈਵਲ ਅਫਸਰਾਂ (ਬੀ.ਐੱਲ.ਓ.) ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਬੀ.ਐੱਲ.ਓਜ਼. ਨੂੰ ਪ੍ਰਸ਼ੰਸਾ ਪੱਤਰ ਦੇ ਕੇ ਚੋਣ ਪ੍ਰਕਿਰਿਆ ਵਿਚ ਨਿਭਾਈਆਂ ਗਈਆਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਸਰਾਹਨਾ ਕੀਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਹੀ ਅਤੇ ਅਪਡੇਟ ਵੋਟਰ ਸੂਚੀ ਬਹੁਤ ਮਹੱਤਵਪੂਰਨ ਹੁੰਦੀ ਹੈ, ਜਿਸ ਵਿਚ ਬੀ.ਐੱਲ.ਓ. ਦੀ ਭੂਮਿਕਾ ਕੇਂਦਰੀ ਮਹੱਤਵ ਰੱਖਦੀ ਹੈ | ਇਸ ਮੌਕੇ ਬੀ.ਐੱਲ.ਓ. ਨੂੰ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲੈਂਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਡਿਊਟੀ ਨਿਭਾਉਂਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਦਾ ਤੁਰੰਤ ਹੱਲ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕੀਤੀਆਂ ਮਹਿਲਾ ਬੀ.ਐੱਲ.ਓ. ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਿਸ਼ਠਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ-ਕਮ-ਜ਼ਿਲ੍ਹਾ ਸਵੀਪ ਨੋਡਲ ਅਫਸਰ ਰਾਜੇਸ਼ ਸ਼ਰਮਾ, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ, ਚੋਣ ਕਾਨੂੰਨਗੋ ਰਜਿੰਦਰ ਸਿੰਘ, ਸਵੀਪ ਇੰਚਾਰਜ ਸੌਰਵ ਖੋਸਲਾ, ਰਾਜ ਕੁਮਾਰ ਅਤੇ ਪੰਕਜ ਕੁਮਾਰ ਵੀ ਹਾਜ਼ਰ ਸਨ |