ਤਰਨ ਤਾਰਨ, 11 ਮਾਰਚ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬਜਟ 'ਚ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ' ਯੋਜਨਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਵਾਅਦਾ ਪੰਜਾਬ ਦੀਆਂ ਮਾਵਾਂ-ਭੈਣਾਂ-ਧੀਆਂ ਨਾਲ ਕੀਤਾ ਸੀ ਉਸ ਨੂੰ ਪੂਰਾ ਕਰਕੇ ਪੰਜਾਬ ਦੀ ਜਰਨਲ ਮਹਿਲਾ ਨੂੰ 1 ਹਜ਼ਾਰ ਅਤੇ ਜੋ ਐੱਸ.ਸੀ. ਪਰਿਵਾਰਾਂ ਨਾਲ ਸਬੰਧਿਤ ਭੈਣਾਂ ਹਨ ਉਨ੍ਹਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲੇਗਾ | ਇਹ ਜਾਣਕਾਰੀ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵਾੜ ਨੇ ਗੱਲਬਾਤ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਦਿੱਤੀ ਜਾ ਰਹੀ 1 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਰਅਸਲ ਮਾਵਾਂ-ਭੈਣਾਂ ਦੇ ਸਨਮਾਨ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਇਹ ਕਦਮ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਪਹਿਲ ਹੈ | ਉਨ੍ਹਾਂ ਕਿਹਾ ਕਿ ਜਦੋਂ ਮਹਿਲਾਵਾਂ ਮਜ਼ਬੂਤ ਹੁੰਦੀਆਂ ਹਨ ਤਾਂ ਪਰਿਵਾਰ ਅਤੇ ਸਮਾਜ ਦੋਵੇਂ ਮਜ਼ਬੂਤ ਬਣਦੇ ਹਨ | ਪੰਜਾਬ ਸਰਕਾਰ ਦਾ ਇਹ ਫੈਸਲਾ ਲੱਖਾਂ ਮਹਿਲਾਵਾਂ ਲਈ ਸਹਾਇਕ ਸਾਬਤ ਹੋਵੇਗਾ ਅਤੇ ਘਰੇਲੂ ਖਰਚੇ ਵਿਚ ਵੀ ਕੁਝ ਰਾਹਤ ਮਿਲੇਗੀ | ਇਸ ਯੋਜਨਾ ਲਈ ਸਰਕਾਰ ਵਲੋਂ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਰਜਿੰਦਰ ਸਿੰਘ ਉਸਮਾ, ਪ੍ਰੋ.ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ, ਐਡਵੋਕੇਟ ਸੁਰਿੰਦਰਪਾਲ ਸਿੰਘ ਮਨਾਵਾਂ, ਅੰਜੂ ਵਰਮਾ, ਬਲਜੀਤ ਕੌਰ, ਠੇਕੇਦਾਰ ਅਵਤਾਰ ਸਿੰਘ ਆਦਿ ਹਾਜ਼ਰ ਸਨ |