ਤਰਨ ਤਾਰਨ, 27 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਤੋਂ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ, ਜੋ ਕਿ ਭਾਰੀ ਬਹੁਮਤ ਨਾਲ ਜਿੱਤ ਕੇ ਸੰਸਦ ਵਿਚ ਪਹੁੰਚੇ ਸਨ ਅਤੇ ਡਿਬੜੂਗੜ੍ਹ ਜੇਲ੍ਹ ਵਿਚ ਲੰਮੇ ਸਮੇਂ ਤੋਂ ਬੰਦ ਹਨ, ਵਲੋਂ ਸੰਸਦ 'ਚ ਹਿੱਸਾ ਲੈਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਕੀਤੀ ਗਈ ਪੈਰੋਲ ਅਰਜ਼ੀ ਅਦਾਲਤ ਵਲੋਂ ਖਾਰਜ ਕਰਨਾ ਮੰਦਭਾਗਾ ਹੈ | ਉਨ੍ਹਾਂ ਨੂੰ ਸੰਸਦ ਵਿਚ ਜਾ ਕੇ ਜਿਥੇ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੰਬੰਧੀ ਆਵਾਜ਼ ਨਹੀਂ ਚੁੱਕਣ ਦਿੱਤੀ ਜਾ ਰਹੀ, ਉਥੇ ਉਨ੍ਹਾਂ ਦੀ ਮੈਂਬਰਸ਼ਿਪ ਵੀ ਖਤਰੇ 'ਚ ਪੈ ਸਕਦੀ ਹੈ | ਇਹ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਅੰਮਿ੍ਤਪਾਲ ਸਿੰਘ ਦੀ ਪੈਰੋਲ ਛੁੱਟੀ ਰੱਦ ਕਰਨ ਦੀ ਨਿੰਦਾ ਕਰਦਿਆਂ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਅਦਾਲਤਾਂ ਸਿੱਖਾਂ ਨਾਲ ਬੇਇਨਸਾਫ਼ੀ ਤੇ ਸਿੱਖ ਵਿਰੋਧੀ ਨੀਤੀ ਰਾਹੀਂ ਧੱਕੇਸ਼ਾਹੀ ਤੇ ਬੇਇਨਸਾਫ਼ੀ ਕਰਨ 'ਤੇ ਉਤਰ ਆਈਆਂ ਹਨ ਅਤੇ ਸਿੱਖਾਂ ਨਾਲ ਸ਼ਰੇਆਮ ਬੇਇਨਸਾਫ਼ੀ ਤੇ ਬੇਗਾਨਗੀ ਦਾ ਅਹਿਸਾਸ ਕਰਵਾ ਰਹੀਆਂ ਹਨ, ਜੋ ਭਾਰਤੀ ਸੰਵਿਧਾਨ ਅਨੁਸਾਰ ਬਹੁਤ ਨਿੰਦਣਯੋਗ ਵਰਤਾਰਾ ਹੈ | ਇਸ ਮੌਕੇ ਭਾਈ ਅਵਤਾਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਨੇਕ ਸਿੰਘ ਕਲਿਆਣ, ਭਾਈ ਗੁਰਪ੍ਰੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ |