ਖਡੂਰ ਸਾਹਿਬ, 27 ਮਾਰਚ (ਰਸ਼ਪਾਲ ਸਿੰਘ ਕੁਲਾਰ)-ਨੈਸ਼ਨਲ ਗਰੀਨ ਟਿ੍ਬਿਊਨਲ ਦੇ ਹੁਕਮਾਂ ਅਨੁਸਾਰ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਵਾਸਤੇ ਵੱਖ-ਵੱਖ ਸੂਬਿਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਜਾਣ | ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਆਈ.ਈ.ਸੀ ਗਤੀਵਿਧੀਆਂ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਟੀਮ ਦੇ ਸਰਕਲ ਜਲਾਲਾਬਾਦ ਦੇ ਇੰਚਾਰਜ ਡਾ. ਯਾਦਵਿੰਦਰ ਸਿੰਘ ਵਲੋਂ ਪਿੰਡ ਫਾਜ਼ਲਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਯਾਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਮੇਤ ਕਈ ਰਾਜਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਪ੍ਰਥਾ ਕਾਰਨ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ | ਨਾੜ ਸਾੜਨ ਨਾਲ ਹਵਾ ਵਿਚ ਜ਼ਹਿਰੀਲੀਆਂ ਗੈਸਾਂ ਫੈਲਦੀਆਂ ਹਨ, ਜੋ ਮਨੁੱਖੀ ਸਿਹਤ ਲਈ ਖ਼ਤਰਨਾਕ ਸਾਬਤ ਹੁੰਦੀਆਂ ਹਨ | ਇਸ ਨਾਲ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿਚ ਜਲਨ ਅਤੇ ਦਿਲ ਦੇ ਰੋਗ ਵਧਣ ਦਾ ਖ਼ਤਰਾ ਬਣਦਾ ਹੈ | ਉਨ੍ਹਾਂ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਕਿਉਂਕਿ ਇਸ ਨਾਲ ਮਿੱਟੀ ਦੇ ਲਾਭਦਾਇਕ ਜੀਵਾਣੂ ਨਸ਼ਟ ਹੋ ਜਾਂਦੇ ਹਨ | ਇਸ ਕਾਰਨ ਆਉਣ ਵਾਲੀਆਂ ਫ਼ਸਲਾਂ ਦੀ ਪੈਦਾਵਾਰ 'ਤੇ ਵੀ ਅਸਰ ਪੈਂਦਾ ਹੈ | ਇਸ ਸਮੱਸਿਆ ਨੂੰ ਦੇਖਦੇ ਹੋਏ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ | ਵੱਖ ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ, ਕਿਸਾਨ ਗੋਸ਼ਟੀਆਂ, ਨੁੱਕੜ ਮੀਟਿੰਗਾਂ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਨਾੜ ਨੂੰ ਸਾੜਨ ਦੀ ਬਜਾਏ ਆਧੁਨਿਕ ਮਸ਼ੀਨਾਂ ਜਿਵੇਂ ਹੈਪੀ ਸੀਡਰ ਆਦਿ ਦੀ ਵਰਤੋਂ ਕਰਕੇ ਨਾੜ ਨੂੰ ਖੇਤ ਵਿਚ ਹੀ ਮਿਲਾਉਣ | ਇਸ ਮੌਕੇ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ, ਤਰਸੇਮ ਸਿੰਘ ਇੰਦਰਜੀਤ ਸਿੰਘ, ਗੁਰਪ੍ਰਤਾਪ ਸਿੰਘ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ |