ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)-ਕਣਕ ਦੇ ਨਾੜ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਅਗਾਊਾ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਵਿਭਾਗਵਾਰ ਕੀਤੀ ਜਾਣ ਵਾਲੀ ਕਾਰਵਾਈ ਦਾ ਮੀਟਿੰਗ ਵਿਚ ਹਾਜ਼ਰ ਸਮੂਹ ਅਧਿਕਾਰੀਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ | ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਤੁਰੰਤ ਆਈ.ਈ.ਸੀ. ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਜਾਣ, ਪ੍ਰਚਾਰ ਵੈਨਾਂ ਚਲਾਈਆਂ ਜਾਣ, ਸਿੱਖਿਆ ਵਿਭਾਗ ਨਾਲ ਮਿਲ ਕੇ ਸਕੂਲ ਗਤੀਵਿਧੀਆਂ ਕੀਤੀਆ ਜਾਣ ਅਤੇ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਜਾਣ | ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਨਿਰਦੇਸ਼ ਦਿੱਤੇ ਕਿ ਕਲੱਸਟਰ ਅਤੇ ਨੋਡਲ ਅਫਸਰਾਂ ਦੀਆਂ ਡਿਊਟੀਆਂ ਤੁਰੰਤ ਲਗਾਈਆਂ ਜਾਣ ਅਤੇ ਸਟੱਬਲ ਪ੍ਰੋਟੈਕਸ਼ਨ ਫੋਰਸਾਂ ਤੁਰੰਤ ਗਠਿਤ ਕਰ ਲਈਆ ਜਾਣ | ਉਨ੍ਹਾਂ ਕਿਹਾ ਕਿ ਸਮੂਹ ਉਪ ਮੰਡਲ ਮੈਜਿਸਟ੍ਰੇਟ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਲਾਲ ਇੰਦਰਾਜ਼ ਕਰਨਾ, ਚਲਾਨ ਕਰਨਾ ਆਦਿ ਬਣਦੀ ਕਾਰਵਾਈ ਕਰਨਾ ਯਕੀਨੀ ਬਣਾਉਣਗੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਕਿਹਾ ਕਿ ਮੰਡੀਆਂ ਵਿਚ ਸਮੂਹ ਆੜ੍ਹਤੀਆਂ ਨੂੰ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਜਾਵੇ | ਇਸੇ ਤਰ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਕਿਹਾ ਗਿਆ ਕਿ ਸਮੂਹ ਨੰਬਰਦਾਰਾਂ ਅਤੇ ਸਰਪੰਚਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਠੇਕੇ 'ਤੇ ਲਈ ਜ਼ਮੀਨ 'ਤੇ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਤੁਰੰਤ ਬਲੈਕ ਲਿਸਟ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਕਿਹਾ ਕਿ ਸਮੂਹ ਸਹਿਕਾਰੀ ਸਭਾਵਾਂ ਨੂੰ ਸਰਗਰਮ ਕੀਤਾ ਜਾਵੇ ਅਤੇ ਇਨ੍ਹਾਂ ਵਿਚਲੀ ਮਸ਼ੀਨਰੀ ਕਿਸਾਨਾਂ ਤੱਕ ਪੁੱਜਦੀ ਕੀਤੀ ਜਾਵੇ | ਉਨ੍ਹਾਂ ਡਿਪਟੀ ਡਾਇਰੈਕਟਰ ਕੇ.ਵੀ.ਕੇ. ਤਰਨ ਤਾਰਨ ਨੂੰ ਨਿਰਦੇਸ਼ ਦਿੱਤੇ ਕਿ 10 ਪਿੰਡ ਗੋਦ ਲਏ ਜਾਣ ਅਤੇ ਇਨ੍ਹਾਂ ਪਿੰਡਾਂ ਨੂੰ ਪੂਰਨ ਤੌਰ 'ਤੇ ਅੱਗ ਮੁਕਤ ਕੀਤਾ ਜਾਵੇ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਵਾਂਗ ਹੀ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਮੁੱਖ ਖੇਤੀਬਾੜੀ ਅਫ਼ਸਰ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹੇ ਵਿਚ ਆਈ.ਈ.ਸੀ. ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |