ਤਰਨ ਤਾਰਨ, 4 ਅਪ੍ਰੈਲ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪਿੰਡ ਰਸੂਲਪੁਰ ਵਿਖੇ ਸਾਬਕਾ ਸਰਪੰਚ ਸਤਿੰਦਰਪਾਲ ਸਿੰਘ ਦੇ ਗ੍ਰਹਿ ਵਿਖੇ ਵਰਕਰ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਤੌਰ 'ਤੇ ਸ਼ਮੂਲੀਅਤ ਕੀਤੀ | ਵਰਕਰ ਮਿਲਣੀ ਨੂੰ ਸੰਬੋਧਨ ਕਰਦੇ ਹੋਏ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਆਪਣੇ ਵਾਅਦੇ ਪੂਰੇ ਕਰਨ ਵਾਲੀ ਪਾਰਟੀ ਰਹੀ ਹੈ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਇਸਦੀ ਪਹਿਲੀ ਤਰਜੀਹ ਰਹੀ ਹੈ | ਉਨ੍ਹਾਂ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਹਲਕਾ ਖਡੂਰ ਸਾਹਿਬ ਵਿਚ ਕਰਵਾਏ ਗਏ ਵਿਕਾਸੀ ਕੰਮਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯੋਗਦਾਨ ਨੂੰ ਅੱਜ ਵੀ ਹਰ ਵਰਕਰ ਤੇ ਇਲਾਕਾ ਨਿਵਾਸੀ ਯਾਦ ਕਰਦਾ ਹੈ | ਬ੍ਰਹਮਪੁਰਾ ਨੇ ਕਿਹਾ ਕਿ ਹਲਕੇ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕੌਣ ਨੇਤਾ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹਾ ਰਹਿੰਦਾ ਹੈ ਅਤੇ ਕੌਣ ਸਿਰਫ਼ ਚੋਣਾਂ ਤੋਂ ਪਹਿਲਾਂ ਹੀ ਦਿਖਾਈ ਦਿੰਦਾ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਖ਼ਤ ਮਿਹਨਤ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਇੱਕਜੁੱਟ ਹੋਣ | ਇਸ ਮੌਕੇ ਮੌਜੂਦ ਆਗੂਆਂ ਨੇ ਵੀ ਰਵਿੰਦਰ ਸਿੰਘ ਬ੍ਰਹਮਪੁਰਾ 'ਤੇ ਪੂਰਾ ਵਿਸ਼ਵਾਸ ਜਤਾਉਂਦੇ ਹੋਏ ਕਿਹਾ ਕਿ ਬ੍ਰਹਮਪੁਰਾ ਪਰਿਵਾਰ ਹਮੇਸ਼ਾਂ ਹਲਕੇ ਵਿਚ ਲੋਕਾਂ ਦੇ ਨਾਲ ਖੜ੍ਹਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਸਰਪੰਚ ਦਰਬਾਰਾ ਸਿੰਘ ,ਬਲਵਿੰਦਰ ਸਿੰਘ ਮੈਬਰ ਪੰਚਾਇਤ, ਦੁਸੰਦਾ ਸਿੰਘ, ਕੁਲਵੰਤ ਸਿੰਘ, ਪ੍ਰੇਮ ਸਿੰਘ, ਪਿਆਰਾ ਸਿੰਘ, ਫੁੱਲਾ ਸਿੰਘ, ਪਾਲ ਸਿੰਘ, ਕਾਬਲ ਸਿੰਘ, ਦੇਲਾ ਸਿੰਘ, ਜਗਦੀਪ ਸਿੰਘ ਰਿੰਕੂ, ਰਜਿੰਦਰ ਸਿੰਘ ਹਵਲਦਾਰ, ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਕਾਰ ਸਿੰਘ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ |