ਨਵਾਂ ਪਿੰਡ, 4 ਅਪ੍ਰੈਲ (ਜਸਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਕਰ ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਦੀ ਮੀਟਿੰਗ ਪਿੰਡ ਨਬੀਪੁਰ ਵਿਖੇ ਕਿਸਾਨ ਆਗੂ ਜਸਵਿੰਦਰ ਸਿੰਘ ਦੇ ਗ੍ਰਹਿ 'ਚ ਸਥਾਨਕ ਸਾਬਕਾ ਸਰਪੰਚ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਲਖਬੀਰ ਸਿੰਘ ਨਿਜਾਮਪੁਰ ਸੂਬਾ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਤੇ ਭੁਪਿੰਦਰ ਸਿੰਘ ਤੀਰਥਪੁਰ ਪ੍ਰਧਾਨ ਸਬਜ਼ੀ ਉਤਪਾਦਕ ਜਥੇਬੰਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਕਰ ਮੁਕਤ ਵਪਾਰ ਸਮਝੌਤਾ ਕਿਸਾਨਾਂ ਦੀ ਮੌਤ ਦੇ ਵਰੰਟਾਂ 'ਤੇ ਦਸਤਖ਼ਤ ਸਾਬਤ ਹੋਵੇਗਾ | ਕੇਂਦਰ ਸਰਕਾਰ ਵਲੋਂ ਬਿਜਲੀ ਤੇ ਬੀਜ ਬਿੱਲ ਇਨ੍ਹਾਂ ਸਮਝੌਤਿਆਂ ਦੀ ਹੀ ਅਗਲੀ ਕੜੀ ਹੈ, ਜੋ ਕਿ ਕਿਸਾਨਾਂ ਕੋਲੋਂ ਬਿਜਲੀ ਤੇ ਬੀਜ ਖੋਹਣ ਦੀ ਰਣਨੀਤੀ ਦਾ ਹਿੱਸਾ ਹੈ | ਇਸ ਮੌਕੇ ਉਨ੍ਹਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਪੰਜਾਬ ਦੀਆਂ ਮੰਗਾਂ ਸਬੰਧੀ 6 ਅਪ੍ਰੈਲ ਨੂੰ ਡੀ.ਸੀ.ਦਫ਼ਤਰ ਅੰਮਿ੍ਤਸਰ ਸਾਹਮਣੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਦੀ ਲੋਕਾਂ ਨੂੰ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਇਸ ਦਿਨ ਪੰਜਾਬ ਨਾਲ ਸਬੰਧਿਤ ਮੰਗਾਂ ਜਿਸ 'ਚ ਦਰਿਆਈ ਪਾਣੀਆਂ ਦੀ ਰਿਪੇਰੀਅਨ ਸਿਧਾਂਤ ਅਨੁਸਾਰ ਵੰਡ, ਹਰ ਖੇਤ ਤੱਕ ਨਹਿਰੀ ਤੇ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਪਹੁੰਚਣ, ਐੱਮ.ਐੱਸ.ਪੀ. 'ਤੇ ਖ੍ਰੀਦ ਗਰੰਟੀ ਕਨੂੰਨ ਬਣਾਉਣ ਅਤੇ ਮਜ਼ਦੂਰਾਂ, ਕਿਸਾਨਾਂ ਦੇ ਕਰਜ਼ ਮੁਆਫੀ ਲਈ ਡੀ.ਸੀ. ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਜਗਜੀਤ ਸਿੰਘ, ਸੁਖਵੰਤ ਸਿੰਘ, ਮਲਕੀਤ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਕੰਵਲਜੀਤ ਸਿੰਘ, ਨਿਰਮਲ ਸਿੰਘ, ਅਮਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਕੁੱਲਵੰਤ ਸਿੰਘ, ਮੋਹਨਜੀਤ ਸਿੰਘ, ਜਗਦੀਪ ਸਿੰਘ, ਰਾਮਦਵਿੰਦਰ ਸਿੰਘ, ਜਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਪਾਰਲਪ੍ਰੀਤ ਸਿੰਘ ਤੇ ਸਾਬ ਸਿੰਘ ਆਦਿ ਹਾਜ਼ਰ ਸਨ |