ਤਰਨ ਤਾਰਨ, 8 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਚ ਹਲਕਾ ਇੰਚਾਰਜਾਂ ਦੀ ਮਹੱਤਵਪੂਰਨ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਵਲੋਂ ਹਰ ਹਲਕਾ ਇੰਚਾਰਜਾਂ ਨੂੰ ਆਪਣੇ-ਆਪਣੇ ਹਲਕਿਆਂ ਵਿਚ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ 250 ਕੁਵਿੰਟਲ ਕਣਕ ਮੁਹੱਈਆ ਕਰਵਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਡੂਰ ਸਾਹਿਬ ਹਲਕੇ ਵਲੋਂ ਜਲਦ 250 ਕੁਇੰਟਲ ਕਣਕ ਪ੍ਰਭਾਵਿਤ ਕਿਸਾਨਾਂ ਤੱਕ ਪਹੁੰਚਾਈ ਜਾਵੇਗੀ ਅਤੇ ਇਹ ਮਦਦ ਪਾਰਟੀ ਵਲੋਂ ਨਿਰਧਾਰਤ ਕੇਂਦਰਾਂ ਰਾਹੀਂ ਵੰਡ ਕੀਤੀ ਜਾਵੇਗੀ | ਉਨ੍ਹਾਂ 'ਆਪ' ਸਰਕਾਰ 'ਤੇ ਵਰ੍ਹਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਕਿਸਾਨਾਂ ਨਾਲ ਧੋਖਾ ਕੋਈ ਨਵੀਂ ਗੱਲ ਨਹੀਂ ਹੈ | ਉਨ੍ਹਾਂ ਪਿਛਲੀ ਵਾਰ ਹੜ੍ਹਾਂ ਦਾ ਹਵਾਲਾ ਦਿੰਦਿਆਂ ਯਾਦ ਕਰਵਾਇਆ ਕਿ ਜਦੋਂ ਪੰਜਾਬ ਭਿਆਨਕ ਹੜ੍ਹਾਂ ਦੀ ਮਾਰ ਹੇਠ ਸੀ, ਉਦੋਂ ਵੀ ਇਸ ਸਰਕਾਰ ਨੇ ਕਿਸਾਨਾਂ ਨੂੰ ਬੇਸਹਾਰਾ ਛੱਡ ਦਿੱਤਾ ਸੀ | ਹੜ੍ਹਾਂ ਕਾਰਨ ਖੇਤਾਂ ਵਿਚ ਜਮ੍ਹਾਂ ਹੋਈ ਭਾਰੀ ਰੇਤ ਕੱਢਣ ਅਤੇ ਜ਼ਮੀਨ ਨੂੰ ਮੁੜ ਵਾਹੀਯੋਗ ਬਣਾਉਣ ਲਈ ਅਕਾਲੀ ਦਲ ਨੇ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਸੀ ਪਰ ਸਰਕਾਰ ਸਿਰਫ਼ ਵਿਚਾਰ ਕਰਨ ਦਾ ਝਾਂਸਾ ਦੇ ਕੇ ਮੁੱਕਰ ਗਈ | ਬ੍ਰਹਮਪੁਰਾ ਨੇ ਕਿਹਾ ਕਿ ਅੱਜ ਫਿਰ ਉਹੀ ਇਤਿਹਾਸ ਦੁਹਰਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਗੁਜਰਾਤ ਜਾ ਕੇ 50 ਹਜ਼ਾਰ ਰੁਪਏ ਮੁਆਵਜ਼ੇ ਦੇ ਝੂਠੇ ਦਾਅਵੇ ਕਰ ਰਹੇ ਹਨ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਪਿਛਲੇ ਹੜ੍ਹਾਂ ਦਾ ਵੀ ਹਾਲੇ ਤੱਕ ਇਕ ਧੇਲਾ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਹੁਣ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਕਮਰ ਤੋੜ ਦਿੱਤੀ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ, ਜਿਸ ਕਾਰਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੰਕਟਮੋਚਕ ਬਣ ਕੇ ਅੱਗੇ ਆਉਣਾ ਪਿਆ ਹੈ |