ਤਰਨ ਤਾਰਨ, 10 ਅਪ੍ਰੈਲ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਰਬੀ ਸੀਜ਼ਨ 2026-27 ਲਈ ਜ਼ਿਲ੍ਹੇ ਦੀਆਂ ਸਾਰੀਆਂ 59 ਮੰਡੀਆਂ ਵਿਚ ਕਣਕ ਦੀ ਸੁਚਾਰੂ ਖ਼ਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਵਿਚ ਇਸ ਸਾਲ 7,74,521 ਮੀਟਿ੍ਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ | ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਸਰਕਾਰ ਵਲੋਂ ਖ਼ਰੀਦਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਾਲ ਸੁੱਕੀ ਅਤੇ ਸਾਫ਼-ਸੁਥਰੀ ਫ਼ਸਲ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਮੰਡੀਕਰਨ 'ਚ ਕੋਈ ਦਿੱਕਤ ਨਾ ਆਵੇ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਆਮਦ ਦੇ ਨਾਲ-ਨਾਲ ਹੀ ਬਿਨਾਂ ਕਿਸੇ ਦੇਰੀ ਦੇ ਫ਼ਸਲ ਦੀ ਖਰੀਦ, ਲਿਫਟਿੰਗ ਤੇ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਸਮੇਤ ਹੋਰ ਪ੍ਰਬੰਧ ਯਕੀਨੀ ਬਣਾਏ ਜਾਣ | ਇਸ ਦੌਰਾਨ ਉਨ੍ਹਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ | ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਜਸਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ, ਏ.ਐੱਫ.ਐੱਸ.ਓ. ਨਵਦੀਪ ਸਿੰਘ ਤਰਨ ਤਾਰਨ, ਦਾਣਾ ਮੰਡੀ ਤਰਨ ਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ, ਜਨਰਲ ਸਕੱਤਰ ਪਵੇਲ ਸਿੰਘ ਪੰਨੂੰ, ਗੁਰਿੰਦਰ ਸਿੰਘ ਲਾਲੀ ਚਾਚਾ, ਗੁਰਲਾਲ ਸਿੰਘ, ਹੰਸ ਰਾਜ ਚੌਧਰੀ, ਕੁਲਦੀਪ ਸਿੰਘ ਢਿੱਲੋਂ, ਹਰਵਿੰਦਰ ਸਿੰਘ, ਅਰੁਣ ਕੁਮਾਰ ਗੋਲਡੀ ਆਦਿ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ |