ਝਬਾਲ, 15 ਅਪ੍ਰੈਲ (ਸਰਬਜੀਤ ਸਿੰਘ)-ਕਾਂਗਰਸ ਹਾਈਕਮਾਨ ਦੇ ਅਦੇਸ਼ਾਂ 'ਤੇ ਕਾਂਗਰਸ ਪਾਰਟੀ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਤਰਨ ਤਾਰਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਬੀਤੇ ਦਿਨੀਂ ਜ਼ਿਲ੍ਹੇ ਦੇ ਕੀਤੇ ਗਏ ਵਿਸਥਾਰ ਦੌਰਾਨ ਜ਼ਿਲੇ੍ਹ ਦੇ ਮੀਤ ਪ੍ਰਧਾਨ ਬਣਾਏ ਗਏ ਕਾਂਗਰਸੀ ਆਗੂ ਰਮਨ ਕੁਮਾਰ ਝਬਾਲ ਨੇ ਆਖਿਆ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਧਾਨ ਭੁੱਲਰ ਦੀ ਅਗਵਾਈ ਹੇਠ ਹਮੇਸ਼ਾਂ ਹੀ ਯਤਨਸ਼ੀਲ ਰਹਾਂਗੇ | ਉਨ੍ਹਾਂ ਕਾਂਗਰਸ ਹਾਈਕਮਾਨ ਅਤੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੌਂਪੀ ਗਈ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਜਲਦੀ ਹੀ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਪਿੰਡ-ਪਿੰਡ ਮੀਟਿੰਗਾਂ ਸ਼ੁਰੂ ਕਰਕੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ | ਚੇਅਰਮੈਨ ਰਮਨ ਕੁਮਾਰ ਦੀ ਨਿਯੁਕਤੀ ਦਾ ਇਲਾਕੇ ਦੇ ਕਾਂਗਰਸੀ ਵਰਕਰਾਂ ਨੇ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਰਮਨ ਕੁਮਾਰ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਬਣਾ ਕੇ ਵਰਕਰਾਂ ਦਾ ਮਾਣ ਵਧਾਇਆ ਹੈ | ਇਸ ਸਮੇਂ ਹੋਰ ਵੀ ਨੌਜਵਾਨ ਕਾਂਗਰਸੀ ਆਗੂ ਹਾਜ਼ਰ ਸਨ |