ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਯੂਥ ਅਕਾਲੀ ਆਗੂ ਕੰਵਰਦੀਪ ਸਿੰਘ ਬ੍ਰਹਮਪੁਰਾ ਨੇ ਇਕ ਵਿਸਥਾਰਪੂਰਵਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਜਨਤਾ ਦੀ ਆਪਣੀ ਪਾਰਟੀ ਹੈ, ਜਿਸ ਨੇ ਹਰ ਸਮੇਂ ਸੂਬੇ ਦੇ ਹੱਕਾਂ ਅਤੇ ਅਧਿਕਾਰਾਂ ਦੀ ਰੱਖਿਆ ਲਈ ਅਗਵਾਈ ਕੀਤੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪਾਰਟੀ ਦਾ ਯੂਥ ਵਿੰਗ ਵੱਡੇ ਪੱਧਰ 'ਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜ ਰਿਹਾ ਹੈ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਮਜ਼ਬੂਤ ਅਤੇ ਨਿਰਣਾਇਕ ਭੂਮਿਕਾ ਨਿਭਾਉਣ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਅੱਜ ਸਮਾਜਿਕ ਅਤੇ ਰਾਜਨੀਤਿਕ ਤੌਰ 'ਤੇ ਜਾਗਰੂਕ ਹੋ ਰਹੀ ਹੈ ਅਤੇ ਉਹ ਆਪਣੀ ਪਛਾਣ ਅਤੇ ਅਧਿਕਾਰਾਂ ਨੂੰ ਲੈ ਕੇ ਹੋਰ ਵੀ ਸੰਵੇਦਨਸ਼ੀਲ ਬਣ ਰਹੀ ਹੈ | ਇਸ ਮਾਹੌਲ 'ਚ ਯੂਥ ਅਕਾਲੀ ਦਲ ਵਲੋਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ | ਬ੍ਰਹਮਪੁਰਾ ਨੇ ਦੱਸਿਆ ਕਿ ਨੌਜਵਾਨਾਂ ਨੂੰ ਦਸਤਾਰ ਨਾਲ ਜੋੜਨ ਲਈ ਚਲਾਈ ਜਾ ਰਹੀ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਰਾਜ ਭਰ 'ਚ ਵੱਡੇ ਪੱਧਰ 'ਤੇ ਚਲਾਇਆ ਜਾ ਰਿਹਾ ਹੈ | ਇਸ ਮੁਹਿੰਮ ਦੇ ਪ੍ਰਭਾਵ ਹੇਠ ਕਈ ਨੌਜਵਾਨਾਂ ਵਲੋਂ ਕੇਸਰੀ ਦਸਤਾਰਾਂ ਸਜਾਉਣੀਆਂ ਅਤੇ ਸਿੱਖੀ ਰਿਵਾਇਤਾਂ ਨੂੰ ਅਪਨਾਉਣਾ ਇਕ ਮਹੱਤਵਪੂਰਨ ਉਪਲੱਬਧੀ ਵਜੋਂ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ ਇਕ ਮੁਹਿੰਮ ਨਹੀਂ, ਸਗੋਂ ਨੌਜਵਾਨਾਂ ਨੂੰ ਆਪਣੀ ਪਛਾਣ ਅਤੇ ਵਿਰਸੇ ਨਾਲ ਜੋੜਨ ਦਾ ਇਕ ਵੱਡਾ ਯਤਨ ਹੈ |