ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹਾ ਪੁਲਿਸ ਵਲੋਂ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਟਰੇਸ ਕਰਕੇ ਉਨ੍ਹਾਂ ਨੂੰ ਅਸਲ ਮਾਲਕਾਂ ਹਵਾਲੇ ਕਰਨ ਸੰਬੰਧੀ ਇਕ ਪ੍ਰੋਗਰਾਮ ਪੁਲਿਸ ਲਾਈਨ ਤਰਨ ਤਾਰਨ ਵਿਖੇ ਕਰਵਾਇਆ ਗਿਆ | ਜਿਸ ਵਿਚ ਮੋਬਾਈਲ ਮਾਲਕਾਂ ਨੂੰ ਵੀ ਉਥੇ ਸੱਦਿਆ ਗਿਆ, ਜਿਥੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵਲੋਂ ਮੋਬਾਈਲ ਫੋਨ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਮੋਬਾਈਲ ਫੋਨ ਗੁੰਮ ਜਾਂਦੇ ਹਨ ਜਾਂ ਚੋਰੀ ਹੋ ਜਾਂਦੇ ਹਨ, ਉਨ੍ਹਾਂ ਸੰਬੰਧੀ ਪੀੜਤਾਂ ਵਲੋਂ ਸਾਂਝ ਕੇਦਰਾਂ ਵਿਚ ਆਪਣੀਆਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਉਨ੍ਹਾਂ ਸ਼ਿਕਾਇਤਾਂ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਮੋਬਾਈਲ ਫੋਨ ਨੂੰ ਟਰੇਸ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਪਿਛਲੇ 3 ਤਿੰਨ ਮਹੀਨਿਆਂ ਵਿਚ ਲੋਕਾਂ ਦੇ ਗੁੰਮ ਹੋਏ ਜਾਂ ਚੋਰੀ ਹੋਏ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫੋਨਾਂ ਨੂੰ ਟਰੇਸ ਕੀਤਾ ਗਿਆ ਹੈ, ਜਿਨ੍ਹਾਂ ਦੀ ਗਿਣਤੀ 120 ਦੇ ਕਰੀਬ ਹੈ, ਜਿਨ੍ਹਾਂ ਦੀ ਅੰਦਾਜਨ ਕੀਮਤ 22 ਲੱਖ ਰੁਪਏ ਦੇ ਕਰੀਬ ਹੈ | ਉਨ੍ਹਾਂ ਕਿਹਾ ਕਿ ਐੱਸ.ਪੀ.(ਡੀ) ਰਿਪੁਤਪਨ ਸਿੰਘ ਦੀ ਨਿਗਰਾਨੀ ਵਿਚ ਇਹ ਪ੍ਰੋਗਰਾਮ ਦੌਰਾਨ ਮੋਬਾਈਲ ਫੋਨਾਂ ਦੇ ਮਾਲਕਾਂ ਨੂੰ ਫੋਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਹੈ ਅਤੇ ਲੋਕਾਂ ਵਲੋਂ ਦਿੱਤੀਆਂ ਜਾਂਦੀਆਂ ਸ਼ਿਕਾਇਤਾਂ 'ਤੇ ਫੌਰੀ ਕਾਰਵਾਈ ਕੀਤੀ ਜਾਂਦੀ ਹੈ | ਇਸ ਮੌਕੇ ਮੋਬਾਈਲ ਫੋਨ ਲੈਣ ਪਹੁੰਚੇ ਲੋਕਾਂ ਨੇ ਤਰਨ ਤਾਰਨ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਨ੍ਹਾਂ ਦੇ ਗੁਆਚੇ ਜਾਂ ਚੋਰੀ ਹੋਏ ਮੋਬਾਈਲ ਫੋਨ ਉਨ੍ਹਾਂ ਦੇ ਫਿਰ ਹੱਥਾਂ ਵਿਚ ਆ ਗਏ ਹਨ | ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਅਗਰ ਕਿਸੇ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ, ਤਾਂ ਤੁਰੰਤ ਇਸ ਦੀ ਰਿਪੋਰਟ ਸਾਂਝ ਕੇਂਦਰ ਵਿਚ ਜਰੂਰ ਕਰਨ ਤਾਂ ਜੋ ਉਨ੍ਹਾਂ ਦੇ ਮੋਬਾਈਲ ਫੋਨ ਨੂੰ ਪੁਲਿਸ ਵਲੋਂ ਟਰੇਸ ਕੀਤਾ ਜਾ ਸਕੇ |