ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਪੰਡੋਰੀ ਗੋਲਾ ਦੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੁਲਾਕਾਤ ਦੌਰਾਨ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਮੁੜ ਦੇਖਣ ਲਈ ਬੇਤਾਬ ਹਨ ਅਤੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਦੌਰਾਨ ਹੋਏ ਵਿਕਾਸ ਦੇ ਕੰਮਾਂ ਦਾ ਕੋਈ ਮੁਕਾਬਲਾ ਨਹੀਂ ਕਰ ਸਕਿਆ ਅਤੇ ਹੋਰ ਕਿਸੇ ਵੀ ਪਾਰਟੀ ਵਲੋਂ ਇਸ ਤਰ੍ਹਾਂ ਦਾ ਵਿਕਾਸ ਨਹੀਂ ਕੀਤਾ ਗਿਆ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਇਕਜੁੱਟ ਹੋ ਕੇ ਕੰਮ ਕੀਤਾ ਜਾਵੇ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਜਾ ਸਕਣ | ਇਸ ਦੌਰਾਨ ਪੰਡੋਰੀ ਗੋਲਾ ਦੇ ਅਕਾਲੀ ਵਰਕਰਾਂ ਨੇ ਵੀ ਵਿਧਾਨ ਸਭਾ ਚੋਣਾਂ ਲਈ ਸਖ਼ਤ ਮਿਹਨਤ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਪੱਖ ਤੋਂ ਮਜ਼ਬੂਤ ਕਰਨ ਦੀ ਗੱਲ ਕਹੀ | ਇਸ ਮੌਕੇ ਯੂਥ ਆਗੂ ਜਸਵਿੰਦਰ ਸਿੰਘ, ਕੇਵਲ ਸਿੰਘ, ਅੰਗਰੇਜ਼ ਸਿੰਘ ਤੇ ਬਲਵਿੰਦਰ ਸਿੰਘ ਆਦਿ ਮੌਜੂਦ ਸਨ |