ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਪੀ.ਐਸ.ਟੈਟ) ਨੂੰ ਲੈ ਕੇ ਸੂਬੇ ਦੇ ਅਧਿਆਪਕਾਂ 'ਚ ਸਰਕਾਰ ਪ੍ਰਤੀ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਲੰਬੇ ਸਮੇਂ ਤੋਂ ਵਿਭਾਗੀ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੇ ਦੋਸ਼ ਲਾਇਆ ਹੈ ਕਿ ਇਕ ਪਾਸੇ ਉਨ੍ਹਾਂ 'ਤੇ ਜਬਰੀ ਟੈਸਟ ਥੋਪਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਪ੍ਰੀਖਿਆ ਕੇਂਦਰ 250 ਤੋਂ 300 ਕਿਲੋਮੀਟਰ ਦੂਰ ਬਣਾ ਕੇ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਅਧਿਆਪਕ ਵਰਗ 'ਚ ਇਸ ਗੱਲ ਨੂੰ ਲੈ ਕੇ ਵਿਸ਼ੇਸ਼ ਰੋਸ ਹੈ ਕਿ ਖੁਦ ਨੂੰ 'ਮਾਸਟਰ ਦਾ ਮੁੰਡਾ' ਅਖਵਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੌਰਾਨ ਅਧਿਆਪਕਾਂ ਨੂੰ ਇੰਨੀ ਨਮੋਸ਼ੀ ਝੱਲਣੀ ਪੈ ਰਹੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਬੀ.ਐਡ. ਅਧਿਆਪਕ ਫਰੰਟ ਪ੍ਰਭਜੋਤ ਸਿੰਘ ਗੋਹਲਵੜ੍ਹ ਨੇ ਕਰਦਿਆਂ ਕਿਹਾ ਕਿ ਅਧਿਆਪਕਾਂ ਦਾ ਕਹਿਣਾ ਹੈ ਕਿ ਵੱਡੀ ਗਿਣਤੀ 'ਚ ਚੰਡੀਗੜ੍ਹ ਵਿਖੇ ਸੈਂਟਰ ਬਣਾ ਦਿੱਤੇ ਗਏ ਹਨ, ਜੋ ਕਿ ਸਰਹੱਦੀ ਅਤੇ ਦੂਰ-ਦੁਰਾਂਡੇ ਦੇ ਜ਼ਿਲਿ੍ਹਆਂ ਤੋਂ ਬਹੁਤ ਜ਼ਿਆਦਾ ਦੂਰੀ 'ਤੇ ਹਨ | ਅਧਿਆਪਕਾਂ ਨੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਪ੍ਰੀਖਿਆ ਦੀ ਤਿਆਰੀ ਲਈ ਬਹੁਤ ਘੱਟ ਸਮਾਂ ਦਿੱਤਾ ਗਿਆ ਸੀ | ਸਨਿਚਰਵਾਰ ਤੱਕ ਸਕੂਲ ਲੱਗੇ ਹੋਣ ਕਾਰਨ ਅਧਿਆਪਕਾਂ ਨੂੰ ਪੜ੍ਹਨ ਦਾ ਮੌਕਾ ਹੀ ਨਹੀਂ ਮਿਲਿਆ | ਰੋਲ ਨੰਬਰ ਜਾਰੀ ਹੋਣ ਤੋਂ ਬਾਅਦ ਪਤਾ ਲੱਗਾ ਕਿ ਸੈਂਟਰ ਸੈਂਕੜੇ ਕਿਲੋਮੀਟਰ ਦੂਰ ਹਨ | ਜਿਨ੍ਹਾਂ ਅਧਿਆਪਕਾਂ ਕੋਲ ਨਿੱਜੀ ਸਾਧਨ ਨਹੀਂ ਹਨ, ਉਨ੍ਹਾਂ ਨੂੰ ਜਾਂ ਤਾਂ ਇਕ ਦਿਨ ਪਹਿਲਾਂ ਹੋਟਲਾਂ 'ਚ ਰੁਕਣਾ ਪਵੇਗਾ ਜਾਂ ਫਿਰ ਅੱਧੀ ਰਾਤ (ਤੜਕੇ 4 ਵਜੇ) ਕਿਰਾਏ ਦੀਆਂ ਗੱਡੀਆਂ ਕਰਕੇ ਨਿਕਲਣਾ ਪਵੇਗਾ | ਵੱਖ-ਵੱਖ ਅਧਿਆਪਕ ਯੂਨੀਅਨਾਂ ਨੇ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਪ੍ਰੀਖਿਆ ਨੂੰ ਤੁਰੰਤ ਮੁਲਤਵੀ ਕੀਤਾ ਜਾਵੇ ਅਤੇ ਨਵੇਂ ਰੋਲ ਨੰਬਰ ਜਾਰੀ ਕਰਕੇ ਅਧਿਆਪਕਾਂ ਦੇ ਸੈਂਟਰ ਉਨ੍ਹਾਂ ਦੇ ਆਪਣੇ ਜ਼ਿਲ੍ਹੇ ਜਾਂ ਗੁਆਂਢੀ ਜ਼ਿਲ੍ਹੇ 'ਚ ਬਣਾਏ ਜਾਣ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਅਧਿਆਪਕ ਜਥੇਬੰਦੀਆਂ ਸਰਕਾਰ ਨੂੰ ਪੂਰੀ ਤਰ੍ਹਾਂ ਸਬਕ ਸਿਖਾਉਣਗੀਆਂ |