ਤਰਨ ਤਾਰਨ, 19 ਅਪ੍ਰੈਲ (ਪਰਮਜੀਤ ਜੋਸ਼ੀ)-ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਭਾਈਚਾਰੇ ਨਾਲ ਜੁੜ ਕੇ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਨੂੰ ਨੱਥ ਪਾਈ ਜਾਵੇ | ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਸਾਨੂੰ ਆਪਣੇ ਘਰਾਂ ਤੋਂ ਹੀ ਕਰਨੀ ਚਾਹੀਦੀ ਹੈ | ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੀ ਅਗਵਾਈ ਹੇਠ ਡਰਾਈ ਡੇਅ ਸੰਬੰਧੀ ਟੀਮਾਂ ਵਲੋਂ ਅਰਬਨ ਏਰੀਏ ਅਤੇ ਨੇੜ੍ਹਲੇ ਇਲਾਕੇ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਬੁਖ਼ਾਰ ਅਤੇ ਇਸ ਤੋਂ ਬਚਾਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡੇਂਗੂ ਬੁਖਾਰ ਐਡਿਸ ਐਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ | ਇਹ ਮੱਛਰ ਸਾਫ਼ ਪਾਣੀ ਵਿਚ ਪਨਪਦਾ ਹੈ ਅਤੇ ਇਹ ਦਿਨ ਅਤੇ ਸ਼ਾਮ ਵੇਲੇ ਕੱਟਦਾ ਹੈ | ਲੋਕਾਂ ਨੂੰ ਕਿਹਾ ਗਿਆ ਕਿ ਆਪਣੇ ਆਲੇ-ਦੁਆਲੇ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣ ਅਤੇ ਬਾਰਿਸ਼ ਦੇ ਪਾਣੀ ਨੂੰ ਘਰਾਂ ਲਾਗੇ ਖੜ੍ਹਾ ਨਾ ਹੋਣ ਦੇਣ | ਰਾਤ ਨੂੰ ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਡੇਂਗੂ ਬੁਖ਼ਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਦਾ ਹੈ | ਕੂਲਰਾਂ, ਫਰਿੱਜਾਂ, ਗਮਲਿਆਂ ਕੰਟੇਨਰਾਂ ਆਦਿ ਵਿਚੋਂ ਲਾਰਵਾ ਚੈੱਕ ਕੀਤਾ ਗਿਆ | ਮਿਲੇ ਲਾਰਵੇ ਨੂੰ ਮੌਕੇ 'ਤੇ ਹੀ ਨਸ਼ਟ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਐਂਟੀ ਲਾਰਵਾ ਬ੍ਰਾਂਚ ਤੋਂ ਮਨਜਿੰਦਰ ਸਿੰਘ, ਜਸਪਿੰਦਰ ਸਿੰਘ ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |