ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਕਣਕ ਦੀ ਫ਼ਸਲ ਦੀ ਖ਼ਰੀਦ ਵਿਚ ਕੀਤੀ ਜਾ ਰਹੀ ਦੇਰੀ ਅਤੇ ਅਨਾਜ ਮੰਡੀਆਂ ਵਿਚ ਆਏ ਕਿਸਾਨਾਂ ਦੀਆਂ ਮੁਸ਼ਕਿਲਾਂ ਜਾਨਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਅਨਾਜ ਮੰਡੀ ਤਰਨ ਤਾਰਨ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਜਿੱਥੇ ਮੰਡੀਆਂ ਵਿਚ ਕਣਕ ਲੈ ਕੇ ਪੁੱਜੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ, ਉੱਥੇ ਹੀ ਆੜ੍ਹਤੀਆਂ ਅਤੇ ਮਜ਼ਦੂਰ ਵਰਗ ਨਾਲ ਵੀ ਗੱਲਬਾਤ ਕੀਤੀ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਦੇ ਹਾਲਾਤ ਬਹੁਤ ਜਿਆਦਾ ਨਾਜ਼ੁਕ ਹਨ ਅਤੇ ਕਿਸਾਨੀ ਧੰਦਾ ਲਗਾਤਾਰ ਘਾਟੇਵੰਦੀ ਸਾਬਤ ਹੋ ਰਿਹਾ ਹੈ | ਜਦਕਿ ਸਰਕਾਰ ਵਲੋਂ ਫ਼ਸਲਾਂ ਦੀ ਸਹੀ ਸਮੇਂ ਖ੍ਰੀਦ ਨਾ ਹੋਣ ਕਰਕੇ ਕਿਸਾਨ ਡਾਹਢੇ ਚਿੰਤਾ ਵਿਚ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ੍ਰੀਦ ਕਰਨ ਵਿਚ ਲਗਾਤਾਰ ਦੇਰੀ ਕੀਤੀ ਜਾ ਰਹੀ ਹੈ ਜਿਸ ਕਰਕੇ ਕਿਸਾਨਾਂ ਨੂੰ ਭਾਰੀ ਔਾਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਦਿਨ ਰਾਤ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ | ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੂੰ ਵੀ ਬਾਰਦਾਨਾ ਨਾ ਮਿਲਣ ਕਰਕੇ ਮੁਸ਼ਕਿਲ ਆ ਰਹੀ ਹੈ ਅਤੇ ਮੰਡੀਆਂ ਵਿਚ ਹੋਰ ਢੁੱਕਵੇਂ ਪ੍ਰਬੰਧ ਨਾ ਹੋਣੇ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਸੋਸ਼ਲ ਮੀਡੀਆ 'ਤੇ ਪੋਸਟਾਂ ਪਾ ਕੇ ਆਪਣੀ ਸਰਕਾਰ ਦੇ ਕੰਮਾਂ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹਦੇ ਰਹਿੰਦੇ ਹਨ ਜਦਕਿ ਗਰਾਊਾਡ ਜ਼ੀਰੋ 'ਤੇ ਨਤੀਜੇ ਬਿਲਕੁੱਲ ਉਲਟ ਸਾਹਮਣੇ ਆਉਂਦੇ ਹਨ | ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਪਹਿਲ ਦੇ ਅਧਾਰ 'ਤੇ ਹੱਲ ਕਰਕੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਕੇ ਤੁਰੰਤ ਲਿਫਟਿੰਗ ਕਰਵਾ ਕੇ ਬਣਦੀ ਅਦਾਇਗੀ ਕੀਤੀ ਜਾਵੇ | ਇਸ ਮੌਕੇ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਪਾਹੁਲ ਰਟੌਲ, ਬਾਬਾ ਸੁਖਚੈਨ ਸਿੰਘ ਕੰਡਿਆਲਾ, ਪਵਨਦੀਪ ਸਿੰਘ ਖਾਲਸਾ, ਗੌਰਵ ਕੁਮਾਰ ਗੋਲੂ, ਸਿਮਰਨ ਬਹਿਲਾ, ਅੰਗਰੇਜ ਸਿੰਘ ਖੱਬੇ, ਹੀਰਾ ਸਿੰਘ ਮੱਲ੍ਹੀ, ਸੁਖਜੀਤ ਸਿੰਘ, ਪ੍ਰਗਟ ਸਿੰਘ ਆਦਿ ਹਾਜ਼ਰ ਸਨ |