ਤਰਨ ਤਾਰਨ, 21 ਅਪ੍ਰੈਲ (ਪਰਮਜੀਤ ਜੋਸ਼ੀ)-1984 ਸਿੱਖ ਨਸ਼ਲਕੁਸ਼ੀ ਨੂੰ ਅੱਜ ਚਾਰ ਦਹਾਕਿਆਂ ਤੋਂ ਵੀ ਉਪਰ ਦਾ ਸਮਾਂ ਹੋ ਗਿਆ ਹੈ ਪਰ ਕਿਸੇ ਵੀ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਦੀ ਕੋਈ ਸਾਰ ਨਹੀਂ ਲਈ ਤੇ ਇਨ੍ਹਾਂ ਪਰਿਵਾਰਾਂ ਨੂੰ ਅਣਦੇਖਿਆ ਕਰ ਛੱਡਿਆ ਹੈ, ਸਿਰਫ਼ ਵੋਟਾਂ ਸਮੇਂ ਇਨ੍ਹਾਂ ਪਰਿਵਾਰਾਂ ਨੂੰ ਵੋਟ ਬੈਂਕ ਵਜੋਂ ਵਰਿਤਆ ਹੈ, ਜਿਸ ਕਾਰਨ ਅੱਜ ਵੀ ਇਹ ਪਰਿਵਾਰ ਜਿਥੇ ਇਨਸਾਫ ਤੋਂ ਸੱਖਣੇ ਹਨ, ਉਥੇ ਸਹੂਲਤਾਂ ਤੋਂ ਸੱਖਣੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 1984 ਸਿੱਖ ਨਸ਼ਲਕੁਸ਼ੀ ਪੀੜਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਮਨਜੀਤ ਸਿੰਘ ਮੰਨਾ ਅਤੇ ਜਨਰਲ ਸਕੱਤਰ ਮਲਕੀਤ ਸਿੰਘ ਮੱਲੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 1984 ਵਿਚ ਹੋਈ ਸਿੱਖ ਨਸ਼ਲਕੁਸ਼ੀ ਦੌਰਾਨ ਵੱਡੀ ਪੱਧਰ 'ਤੇ ਜਿਥੇ ਬੇਕਸੂਰ ਸਿੱਖਾਂ ਦੀ ਹੱਤਿਆ ਕੀਤੀ ਗਈ ਸੀ, ਉਥੇ ਲੱਖਾਂ ਦੀ ਗਿਣਤੀ ਵਿਚ ਪਰਿਵਾਰਾਂ ਦਾ ਉਜਾੜਾ ਹੋਇਆ ਜੋ ਕਿ ਉਜੜ ਕੇ ਪੰਜਾਬ ਆਣ ਵਸੇ ਪ੍ਰੰਤੂ ਪੰਜਾਬ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਪਰਿਵਾਰਾਂ ਦੀ ਬਾਂਹ ਨਹੀਂ ਫ਼ੜੀ ਅਤੇ ਇਨ੍ਹਾਂ ਦੀਆਂ ਚਿਰਾਂ ਤੋਂ ਮੰਗਾਂ ਨੂੰ ਅਣਗੌਲਿਆ ਕਰ ਛੱਡਿਆ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਦਿੱਲੀ ਅਤੇ ਹਰਿਆਣਾ ਸਰਕਾਰਾਂ ਨੇ ਸਿੱਖ ਨਸ਼ਲਕੁਸ਼ੀ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਪ੍ਰੰਤੂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਾਲੇ ਤੱਕ ਇਨ੍ਹਾਂ ਪਰਿਵਾਰਾਂ ਦੀ ਕੋਈ ਸਾਰ ਨਹੀਂ ਲਈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਮੰਗ ਕੀਤੀ ਕਿ ਸਿੱਖ ਨਸ਼ਲਕੁਸ਼ੀ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ, ਸਰਕਾਰੀ ਨੌਕਰੀਆਂ ਵਿਚ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇ, ਵਿਧਾਵਾਵਾਂ ਦੀ 10 ਹਜ਼ਾਰ ਰੁਪਏ ਪੈਨਸ਼ਨ ਲਗਾਈ ਜਾਵੇ, ਜਿਨ੍ਹਾਂ ਪਰਿਵਾਰਾਂ ਦੇ ਲਾਲ ਕਾਰਡ ਨਹੀਂ ਬਣੇ ਉਨ੍ਹਾਂ ਦੇ ਲਾਲ ਕਾਰਡ ਬਣਾਏ ਜਾਣ | ਇਸ ਤੋਂ ਇਲਾਵਾ ਜਿਨ੍ਹਾਂ ਪਰਿਵਾਰਾਂ ਦੇ ਲਾਲ ਕਾਰਡ ਬਣੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਗ੍ਰਾਂਟ ਜਾਰੀ ਨਹੀਂ ਹੋਈ ਉਹ ਜਲਦ ਜਾਰੀ ਕੀਤੀ ਜਾਵੇ | ਇਸ ਮੌਕੇ ਚੇਅਰਮੈਨ ਰਤਨ ਸਿੰਘ, ਮੀਤ ਪ੍ਰਧਾਨ ਧੀਰਾ ਸਿੰਘ, ਅਮਰਜੀਤ ਸਿੰਘ ਬੰਟੀ, ਖਜਾਨਚੀ ਉਪਿੰਦਰ ਕੌਰ, ਪ੍ਰੈੱਸ ਸਕੱਤਰ ਅਰਜਨ ਸਿੰਘ ਠਰੂ, ਮੈਂਬਰ ਜਸਵਿੰਦਰ ਸਿੰਘ, ਮੈਂਬਰ ਕਰਮ ਸਿੰਘ, ਮੈਂਬਰ ਮਲਵਿੰਦਰ ਸਿੰਘ ਜੌੜਾ, ਭਗਵਾਨ ਸਿੰਘ, ਮੁਖਤਿਆਰ ਸਿੰਘ ਕੱਲ੍ਹਾ, ਰਣਜੀਤ ਸਿੰਘ ਭੁੱਚਰ, ਮਨਜੀਤ ਕੌਰ ਭੁੱਚਰ ਆਦਿ ਵੀ ਮੌਜੂਦ ਸਨ |