ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਪਿੰਡ ਖੱਖ ਤੋਂ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਫਤਹਿਪੁਰ ਬਦੇਸ਼ੇ, ਸੰਨੀ ਪੁੱਤਰ ਰਣਜੀਤ ਸਿੰਘ ਵਾਸੀ ਚਾਟੀਵਿੰਡ ਜ਼ਿਲ੍ਹਾ ਅੰਮਿ੍ਤਸਰ ਹਾਲ ਵਾਸੀ ਖਡੂਰ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 28 ਗ੍ਰਾਮ ਹੈਰੋਇਨ, 3050 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਐੱਸ.ਆਈ. ਰਚਨਾ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਬੌਬੀ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਸੰਘੇ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਇਕ ਸਿਲਵਰ ਪੇਪਰ ਹੈਰੋਇਨ ਨਾਲ ਲਿਬੜੀ ਹੋਈ ਪੰਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਗੰਦਾ ਨਾਲਾ ਪਿੰਡ ਦੋਦੇ ਨਜ਼ਦੀਕ ਨਾਕਾਬੰਦੀ ਦੌਰਾਨ ਸੈਫਲੀ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਖਾਲੜਾ ਨੂੰ ਕਾਬੂ ਕਰਕੇ ਉਸ ਪਾਸੋਂ 19 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਰਵੀਸ਼ੰਕਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ਰਮਾ ਪੈਟਰੋਲ ਪੰਪ ਖੇਮਕਰਨ ਰੋਡ ਪੱਟੀ ਤੋਂ ਲਵਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |