ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਏ ਨੇ ਦੱਸਿਆ ਕਿ ਇਸ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਵੀ ਲੋਕਾਂ ਨੂੰ ਟੀਕਾਕਰਨ ਬਾਰੇ ਪ੍ਰੇਰਿਤ ਕਰਨਗੇ | ਡਾ. ਰਾਏ ਵਲੋੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਇਹ ਸਾਰੀਆ ਗਤੀਵਿਧੀਆਂ ਸੁਚੱਜੇ ਢੰਗ ਨਾਲ ਕਰਵਾਈਆਂ ਜਾਣ ਅਤੇ ਸੰਬੰਧਿਤ ਰਿਪੋਰਟਾਂ ਸਮੇੇਂ ਸਿਰ ਜ਼ਿਲ੍ਹਾ ਹੈੱਡਕੁਆਟਰ 'ਤੇ ਭੇਜਣੀਆਂ ਯਕੀਨੀ ਬਣਾਈਆਂ ਜਾਣ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਸਿਹਤ ਵਿਭਾਗ ਦਾ ਸਹਿਯੋਗ ਦੇਣ | ਜਾਣਕਾਰੀ ਦਿੰਦਿਆਂ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਟੀਕਿਆਂ ਰਾਹੀ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਤੋੋਂ ਬਚਾਅ ਲਈ ਸਮੂਹਿਕ ਯਤਨਾਂ ਨੂੰ ਤੇਜ਼ ਕਰਨਾ ਹੈ |