ਤਰਨ ਤਾਰਨ, 24 ਅਪ੍ਰੈਲ (ਪਰਮਜੀਤ ਜੋਸ਼ੀ)-ਪਿਛਲੇ ਸਮੇਂ ਤੋਂ ਪੰਜਾਬ 'ਚ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਚੱਲਦਿਆਂ ਬੇਅਦਬੀਆਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਭਾਈ ਗੁਰਜੀਤ ਸਿੰਘ ਪਿਛਲੇ 18 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ 'ਤੇ ਬੈਠ ਕੇ ਸੰਘਰਸ਼ ਕਰ ਰਹੇ ਸਨ, ਜਿਨ੍ਹਾਂ ਦੇ ਸੰਘਰਸ਼ ਨੂੰ ਉਦੋਂ ਬੂਰ ਪਿਆ ਜਦੋਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੇਅਦਬੀਆਂ ਰੋਕਣ ਸੰਬੰਧੀ ਸਖ਼ਤ ਕਾਨੂੰਨ ਸੰਬੰਧੀ ਮਤਾ ਪਾਸ ਕੀਤਾ ਗਿਆ ਅਤੇ ਗਵਰਨਰ ਪੰਜਾਬ ਵਲੋਂ ਇਸ ਉਪਰ ਆਪਣੀ ਮੋਹਰ ਲਗਾ ਦਿੱਤੀ ਗਈ ਹੈ, ਜੋ ਕਿ ਇਤਿਹਾਸਕ ਫੈਸਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਿੰਦਰ ਸਿੰਘ ਪਿੰਦੂ ਭਰੋਵਾਲ ਯੂ.ਕੇ. ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਪਾਸ ਹੋਣ ਨਾਲ ਹੁਣ ਬੇਅਦਬੀਆਂ ਕਰਨ ਵਾਲੇ ਵਿਅਕਤੀ ਨੂੰ ਉਮਰ ਭਰ ਲਈ ਜੇਲ੍ਹ ਜਾਣਾ ਪਵੇਗਾ ਅਤੇ ਭਾਰੀ ਜੁਰਮਾਨਾ ਵੀ ਅਦਾ ਕਰਨਾ ਪਵੇਗਾ, ਜਿਸ ਨਾਲ ਬੇਅਦਬੀਆਂ ਦੀਆਂ ਘਟਨਾਵਾਂ ਵਿਚ ਕਮੀ ਆਵੇਗੀ ਅਤੇ ਬੇਅਦਬੀਆਂ ਕਰਨ ਤੋਂ ਪਹਿਲਾਂ ਲੋਕ 100 ਵਾਰ ਸੋਚਣਗੇ | ਉਨ੍ਹਾਂ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਅਤੇ ਭਾਈ ਗੁਰਜੀਤ ਸਿੰਘ ਵਲੋਂ ਕੀਤੇ ਜਾ ਰਹੇ ਸੰਘਰਸ਼ ਕਾਰਨ ਇਹ ਸਭ ਕੁਝ ਸੰਭਵ ਹੋ ਸਕਿਆ ਹੈ |