ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)-ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰੋਂ ਘਰੋਂ ਵਰੋਸਾਇ ਬਿਧੀ ਚੰਦ ਛੀਨਾ ਗੁਰੂ ਕਾ ਸੀਨਾ ਬਹਾਦਰ ਬਾਬਾ ਬਿਧੀ ਚੰਦ ਦੇ ਜਨਮ ਦਿਹਾੜੇ ਦਾ ਸਾਲਾਨਾ ਜੋੜ ਮੇਲਾ ਪਿੰਡ ਛੀਨਾ ਬਿਧੀ ਚੰਦ (ਤਰਨ ਤਾਰਨ) ਵਿਖੇ 26 ਅਪ੍ਰੈਲ 2026 ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਇਹ ਜਨਮ ਦਿਹਾੜਾ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ 12ਵੇਂ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ | ਬਾਬਾ ਬਿਧੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਮਨਾਉਣ ਸੰਬੰਧੀ ਅਖੰਡ ਪਾਠ ਆਰੰਭ ਕੀਤੇ ਗਏ | ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੇ ਸਪੁੱਤਰ ਬਾਬਾ ਚਰਨਜੀਤ ਸਿੰਘ ਵਲੋਂ ਅਰਦਾਸ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ | ਉਨ੍ਹਾਂ ਦੱਸਿਆ ਕਿ ਬਾਬਾ ਬਿਧੀ ਚੰਦ ਜੀ ਦੇ ਜਨਮ ਦਿਹਾੜੇ ਸੰਬੰਧੀ 26 ਅਪ੍ਰੈਲ ਨੂੰ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਇਸ ਮੌਕੇ ਵੱਖ ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਸਮੂਹ ਸੰਪਰਦਾਵਾਂ ਦੇ ਸਤਿਕਾਰਯੋਗ ਸੰਤ ਮਹਾਂਪੁਰਸ਼ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੁੰਮਾਇੰਦੇ ਪਹੁੰਚਣਗੇ | ਇਸ ਮੌਕੇ ਸਜਾਏ ਗਏ ਦੀਵਾਨਾਂ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ | ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨੇ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ ਲਈ ਕਿਹਾ |