ਨਵਾਂ ਪਿੰਡ, 24 ਅਪ੍ਰੈਲ (ਜਸਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ. ਬੀ. ) 'ਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਤੇ ਸੰਸਦ ਭਾਈ ਅੰਮਿ੍ਤਪਾਲ ਸਿੰਘ ਦੀ ਐੱਨ.ਐੱਸ.ਏ. ਖ਼ਤਮ ਹੋਣ ਦੇ ਬਾਵਜੂਦ ਉਸ ਨੂੰ ਡਿਬਰੂਗੜ੍ਹ ਜੇਲ੍ਹ 'ਚ ਰੱਖੇ ਜਾਣ ਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ ਨੇ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਰਕਾਰਾਂ ਦਾ ਪੰਜਾਬ 'ਤੇ ਸਿੱਖ ਵਿਰੋਧੀ ਫੈਸਲਾ ਹੈ | ਭਾਖੜਾ ਡੈਮ ਜੋ ਕਿ ਪੰਜਾਬ 'ਚ ਹੈ ਤੇ ਇਸ 'ਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨਾ ਪੰਜਾਬ ਨਾਲ ਬੇਇਨਸਾਫੀ ਹੈ | ਜਦੋਂ ਕਿ ਹੜ੍ਹਾਂ ਦੀ ਮਾਰ ਪੰਜਾਬ ਇੱਕਲਾ ਝੱਲਦਾ ਹੈ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਦੀ ਐੱਨ. ਐੱਸ. ਏ. ਖ਼ਤਮ ਹੋਣ 'ਤੇ ਵੀ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ 'ਚ ਰੱਖ ਕੇ 20 ਲੱਖ ਵੋਟਰਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਇਹ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਪੰਜਾਬ ਦੇ ਪੁੱਤ ਨਸ਼ਿਆਂ ਤੋਂ ਬਚ ਜਾਣ | ਇਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਜਿਹੜਾ ਵੀ ਪੰਜਾਬ ਦੇ ਹੱਕਾਂ ਦੀ ਜਾਂ ਪੰਜਾਬ ਦੀ ਜਵਾਨੀ ਤੇ ਕਿਸਾਨੀ ਦੀ ਗੱਲ ਕਰੇਗਾ ਉਸਦੇ ਐਕਸੀਡੈਂਟ ਕਰਵਾਏ ਜਾਂਦੇ ਰਹਿਣਗੇ ਜਾਂ ਫਿਰ ਜੇਲ੍ਹਾਂ 'ਚ ਬੰਦ ਕਰਕੇ ਉਨ੍ਹਾਂ ਦੀ ਆਵਾਜ਼ ਇਸੇ ਤਰ੍ਹਾਂ ਬੰਦ ਕੀਤੀ ਜਾਂਦੀ ਰਹੇਗੀ |