ਤਰਨ ਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਖਡੂਰ ਸਾਹਿਬ ਹਲਕੇ ਤੋਂ ਫਿਰ ਟਿਕਟ ਦੀ ਦਾਅਵੇਦਾਰੀ ਜਿਤਾਈ ਹੈ | ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ 70 ਸਾਲ ਸ਼੍ਰੋਮਣੀ ਅਕਾਲੀ ਦਲ 'ਚ ਰਹਿ ਕੇ ਸੇਵਾ ਕੀਤੀ ਅਤੇ ਕਈ ਵਾਰ ਜੇਲ੍ਹ ਵੀ ਗਏ | ਉਨ੍ਹਾਂ ਦੀ ਮੌਤ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਜਿੱਤ ਕੇ ਵਿਧਾਇਕ ਬਣੇ ਅਤੇ ਹੁਣ ਵੀ ਉਹ ਪਾਰਟੀ ਕੋਲੋਂ ਹਲਕਾ ਖਡੂਰ ਸਾਹਿਬ ਦੀ ਟਿਕਟ ਦੀ ਦਾਅਵੇਦਾਰੀ ਪੇਸ਼ ਕਰਦੇ ਹੋਏ ਮੰਗ ਕਰਦੇ ਹਨ ਕਿ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਦੇਖਦੇ ਹੋਏ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਨੂੰ ਟਿਕਟ ਦਿੱਤੀ ਜਾਵੇ | ਉਹ ਇਹ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿਚ ਪਾਉਣਗੇ | ਇਸ ਤੋਂ ਇਲਾਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕਿਹਾ ਕਿ ਉਹ ਹਲਕੇ ਦੀ ਸੇਵਾ ਵਿਚ ਕਈ ਸਾਲਾਂ ਤੋਂ ਲੱਗੇ ਹੋਏ ਹਨ ਅਤੇ ਇਸ ਹਲਕੇ ਤੋਂ ਟਿਕਟ ਦੇ ਵੱਡੇ ਦਾਅਵੇਦਾਰ ਹਨ | ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਉਹ ਪਹਿਲਾਂ ਵੀ ਪਾਰਟੀ ਕੋਲੋਂ ਖਡੂਰ ਸਾਹਿਬ ਹਲਕੇ ਤੋਂ ਆਪਣੀ ਦਾਅਵੇਦਾਰੀ ਜਿਤਾ ਚੁੱਕੇ ਹਨ ਅਤੇ ਹੁਣ ਵੀ ਦਾਅਵੇਦਾਰੀ ਰੱਖਦੇ ਹਨ | ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਮੰਗ ਕਰਦੇ ਹਨ ਕਿ ਇਸ ਹਲਕੇ ਦੀ ਵਿਧਾਨ ਸਭਾ ਚੋਣਾਂ ਦੀ ਟਿਕਟ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾ ਸਕਣ |