ਤਰਨ ਤਾਰਨ, 26 ਅਪ੍ਰੈਲ (ਇਕਬਾਲ ਸਿੰਘ ਸੋਢੀ)-ਪੰਜਾਬ ਦੇ ਲੋਕਾਂ ਨੇ ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਦੇਖ ਲਿਆ ਹੈ, ਹੁਣ ਪੰਜਾਬ ਦੇ ਲੋਕ ਸੂਬੇ 'ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਚਾਹੁੰਦੇ ਹਨ | ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਹੋਰ ਸਿਆਸੀ ਪਾਰਟੀਆਂ ਦੇ ਵੱਡੇ ਅਤੇ ਛੋਟੇ ਆਗੂ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਪਿਛਲੇ ਦਿਨੀਂ ਸੱਤ 'ਆਪ' ਸੰਸਦ ਮੈਂਬਰਾਂ ਦੇ ਭਾਜਪਾ 'ਚ ਸ਼ਾਮਿਲ ਹੋਣ ਤੋਂ ਮਿਲਦੀ ਹੈ | ਇਹ ਸਭ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ਦਾ ਸੰਦੇਸ਼ਾ ਦੇ ਰਹੇ ਹਨ | ਇਹ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਗੱਲਬਾਤ ਦੌਰਾਨ ਕੀਤਾ | ਸ. ਭਰੋਵਾਲ ਨੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ ਦਾ ਅਜੇ ਤੱਕ ਇਨਸਾਫ਼ ਨਹੀਂ ਮਿਲਿਆ | ਕਾਂਗਰਸ ਤੋਂ ਬਾਅਦ ਹੁਣ 'ਆਪ' ਸਰਕਾਰ ਵੀ ਬੇਅਦਬੀਆਂ ਦੇ ਦੋਖੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਵੱਖ ਵੱਖ ਸਕੀਮਾਂ ਦਾ ਪੰਜਾਬ ਦੇ ਲੋਕ ਲਾਭ ਉਠਾ ਰਹੇ ਹਨ | ਲੋਕ ਚਾਹੁੰਦੇ ਹਨ ਕਿ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤੀ ਜਨਤਾ ਪਾਰਟੀ ਦੀ ਵੱਧ ਰਹੀ ਲੋਕਪਿ੍ਯਤਾ ਨੂੰ ਦੇਖਦਿਆਂ ਉਹ ਭਾਜਪਾ ਦਾ ਸਾਥ ਦੇਣ |