ਤਰਨ ਤਾਰਨ, 26 ਅਪ੍ਰੈਲ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੱਤ ਸਾਂਸਦ ਮੈਂਬਰਾਂ ਵਲੋਂ ਜਿਸ ਤਰ੍ਹਾਂ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਅਸਤੀਫ਼ਾ ਦਿੱਤਾ ਹੈ, ਉਸ ਤੋਂ ਸਾਬਿਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਉਪਰ ਤੋਂ ਲੈ ਕੇ ਹੇਠਾਂ ਤੱਕ ਇਨ੍ਹਾਂ ਦੇ ਆਗੂਆਂ ਦੇ ਨਾਲ ਨਾਲ ਕੋਈ ਵੀ ਵਰਗ ਖੁਸ਼ ਨਹੀਂ ਹੈ | ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਧੋਖੇ ਵਿਚ ਰੱਖ ਕੇ ਆਪਣੀ ਸਰਕਾਰ ਤਾਂ ਬਣਾ ਲਈ, ਪਰ ਅਜੇ ਤੱਕ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ | ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਭਾਰ ਹੇਠਾਂ ਆ ਕੇ ਸਮੇਂ ਤੋਂ ਪਹਿਲਾਂ ਹੀ ਟੁੱਟ ਜਾਵੇਗੀ | ਇਹ ਪ੍ਰਗਟਾਵਾ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਗੱਲਬਾਤ ਦੌਰਾਨ ਕੀਤਾ | ਸ. ਭੁੱਲਰ ਨੇ ਕਿਹਾ ਕਿ ਲੋਕ ਕਾਂਗਰਸ ਦੇ ਰਾਜ ਨੂੰ ਅੱਜ ਵੀ ਯਾਦ ਕਰਦੇ ਹਨ, ਕਿਉਂਕਿ ਕਾਂਗਰਸ ਸਰਕਾਰ ਦੌਰਾਨ ਹਰ ਵਰਗ ਦੇ ਲੋਕਾਂ ਨੂੰ ਉਹ ਸਹੂਲਤਾਂ ਦਿੱਤੀਆਂ ਗਈਆਂ, ਜੋ ਕਾਂਗਰਸ ਨੇ ਚੋਣਾਂ ਦੌਰਾਨ ਆਪਣੇ ਮੈਨੀਫੈਸਟੋ ਵਿਚ ਜਾਰੀ ਕੀਤੀਆਂ ਸਨ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣੇ ਅਤੇ ਸੂਬਾ ਫਿਰ ਵਿਕਾਸ ਦੀਆਂ ਲੀਹਾਂ 'ਤੇ ਚੱਲ ਸਕੇ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਕਿਸੇ ਵੀ ਪਾਰਟੀ ਦੇ ਬਹਿਕਾਵੇ ਵਿਚ ਨਾ ਆਉਣ ਕਿਉਂਕਿ ਹੁਣ ਸਮਾਂ ਆ ਗਿਆ ਹੈ ਕਿ ਵੱਖ-ਵੱਖ ਪਾਰਟੀਆਂ ਚੋਣ ਜਿੱਤਣ ਲਈ ਲੋਕਾਂ ਨੂੰ ਵਾਅਦਿਆਂ 'ਚ ਭਰਮਾਉਣਗੀਆਂ, ਪਰ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਅੱਗੇ ਆਉਣਾ ਚਾਹੀਦਾ ਹੈ |