ਤਰਨ ਤਾਰਨ, 26 ਅਪ੍ਰੈਲ (ਹਰਿੰਦਰ ਸਿੰਘ)-ਇਨਕਲਾਬ ਦੇ ਝੂਠੇ ਨਾਅਰੇ ਲਗਾ ਕੇ ਪੰਜਾਬ ਨੂੰ ਸੋਨੇ ਦੀ ਚਿੜੀ ਬਣਾਉਣ ਦੇ ਝੂਠੇ ਸਬਜ਼ਬਾਗ ਵਿਖਾ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ 2027 ਵਿਚ ਆਮ ਆਦਮੀ ਪਾਰਟੀ ਦਾ ਮੁਕੰਮਲ ਸਫ਼ਾਇਆ ਹੋ ਜਾਵੇਗਾ, ਕਿਉਂਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਪਾਰਟੀ ਦੇ ਮੌਜੂਦਾ ਰਾਜ ਸਭਾ ਮੈਂਬਰ ਇਕੋ ਸਮੇਂ ਪਾਰਟੀ ਛੱਡ ਕੇ ਦੂਸਰੀ ਪਾਰਟੀ ਵਿਚ ਚਲੇ ਗਏ ਹੋਣ, ਜਿਸ ਤੋਂ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਆਪਣੇ ਸਿਧਾਤਾਂ ਨੂੰ ਭਟਕ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ 'ਚ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕ ਜਾਂ ਐੱਮ.ਪੀ. ਵੀ ਆਮ ਆਦਮੀ ਪਾਰਟੀ ਨੂੰ ਛੱਡ ਸਕਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ | ਕਾਂਗੜਾ ਵਿਖੇ ਸੰਗਠਨ ਸਿਰਜਣ ਅਭਿਆਨ ਤਹਿਤ ਲਗਾਏ ਟ੍ਰੇਨਿੰਗ ਕੈਂਪ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਹੋਰ ਸੀਨੀਅਰ ਲੀਡਰਾਂ ਨਾਲ ਗੱਲਬਾਤ ਕਰਦਿਆਂ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੂਠੀਆਂ ਗਾਰੰਟੀਆਂ ਦੇ ਕੇ ਜਿੱਥੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ, ਉਥੇ ਹੀ ਆਪਣੇ ਨਿੱਜੀ ਮੁਫ਼ਾਦਾਂ ਲਈ ਪੰਜਾਬ ਨੂੰ ਲਗਾਤਾਰ ਕਰਜ਼ਾਈ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਘਟੀਆ ਨੀਤੀਆਂ ਕਰਕੇ ਹੀ ਅੱਜ ਪੰਜਾਬ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਚੁੱਕੀ ਹੈ, ਪਰ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਮਿਲ ਕੇ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਬਰਬਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਵਾਲੀ ਆਮ ਆਦਮੀ ਪਾਰਟੀ ਤੋਂ ਲੋਕ ਬਹੁਤ ਜ਼ਿਆਦਾ ਦੁਖੀ ਹਨ ਅਤੇ ਆਪਣੇ ਆਪ ਨੂੰ ਠੱਗਿਆਂ ਹੋਇਆ ਮਹਿਸੂਸ ਕਰ ਰਹੇ ਹਨ | ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਤਨ ਹੋਣਾ ਸ਼ੁਰੂ ਹੋ ਚੁੱਕਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਦਾ ਮੁਕੰਮਲ ਸਫ਼ਾਇਆ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ ਪਾਰਟੀ ਪੂਰੀ ਇਕਜੁੱਟਤਾ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ, ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਵਿਕਸਤ ਸੂਬਾ ਬਣਾਇਆ ਜਾ ਸਕੇ |