ਤਰਨ ਤਾਰਨ, 28 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਰੋਡ ਗੰਦਾ ਨਾਲਾ ਪੁਲ ਦੇ ਨਜ਼ਦੀਕ ਤੋਂ ਨੀਰਜ ਪ੍ਰਕਾਸ਼ ਪੁੱਤਰ ਰਾਮ ਪ੍ਰਕਾਸ਼ ਵਾਸੀ ਮੁਹੱਲਾ ਟਾਂਕਕੱਸ਼ਤਰੀ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਥਾਣਾ ਸਦਰ ਤਰਨ ਤਾਰਨ ਦੇ ਏ.ਐਸੱ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰਸੂਲਪੁਰ ਨਹਿਰਾਂ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਗੁਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਹਰਜਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀਅਨ ਚੁਤਾਲਾ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਬੂਹ ਹਵੇਲੀਆ ਨਜ਼ਦੀਕ ਨਾਕਾਬੰਦੀ ਦੌਰਾਨ ਰਾਜਬੀਰ ਸਿੰਘ ਪੁੱਤਰ ਪ੍ਰਮਜੀਤ ਸਿੰਘ ਵਾਸੀ ਬੂਹ ਹਵੇਲੀਆ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਦਿਆਲ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਬਾਸਰਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |