ਤਰਨ ਤਾਰਨ, 4 ਮਈ (ਹਰਿੰਦਰ ਸਿੰਘ)ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਸਕਾਰਪੀਓ ਗੱਡੀ 'ਤੇ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 259 ਗ੍ਰਾਮ ਹੈਰੋਇਨ, 5550 ਰੁਪਏ ਦੀ ਡਰੱਗ ਮਨੀ ਸਮੇਤ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਡੀ.ਐੱਸ.ਪੀ. ਸਿਟੀ ਤਰਨ ਤਾਰਨ ਸੁਖਬੀਰ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਪੰਜਾਬ ਪੁਲਿਸ ਵਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਖਿਲਾਫ ਜ਼ੀਰੋ ਟਾਲਰੇਂਸ ਵਰਤਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾ ਅਤੇ ਐੱਸ. ਪੀ. (ਡੀ) ਰਿਪੁਤਾਪਨ ਸਿੰਘ ਦੀ ਅਗਵਾਈ ਵਿਚ ਤਰਨ ਤਾਰਨ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ 'ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ | 28 ਅਪ੍ਰੈਲ ਨੂੰ ਬਲਜਿੰਦਰ ਸਿੰਘ ਥਾਣਾ ਸਰਾਏ ਅਮਾਨਤ ਖਾਂ ਅਤੇ ਉਨ੍ਹਾਂ ਦੀਆਂ ਟੀਮ ਵਲੋਂ ਦੌਰਾਨੇ ਸਪੈਸ਼ਲ ਅਪਰੇਸ਼ਨ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਕੁਲਦੀਪ ਸਿੰਘ ਵਾਸੀ ਸਰਾਏ ਅਮਾਨਤ ਖਾਂ, ਸ਼ਮਸ਼ੇਰ ਸਿੰਘ ਉਰਫ ਗੋਰਾ ਪੁੱਤਰ ਸੰਤੋਖ ਸਿੰਘ ਵਾਸੀ ਸੂਰਾ ਥਾਣਾ ਲੋਪੋਕੇ ਅੰਮਿ੍ਤਸਰ ਅਤੇ ਗੁਰਬੀਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਸਰਾਏ ਅਮਾਨਤ ਖਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 259 ਗ੍ਰਾਮ ਹੈਰੋਇਨ, 5500 ਰੁਪਏ ਡਰੱਗ ਮਨੀ, ਇਕ ਕਾਰ ਬਿਨਾਂ ਨੰਬਰੀ ਰੰਗ ਕਾਲਾ ਸਕਾਰਪੀਓ ਬ੍ਰਾਮਦ ਕਰਕੇ ਉਨ੍ਹਾਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਸੀ | ਰਿਮਾਂਡ ਦੌਰਾਨ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਕੁਲਦੀਪ ਸਿੰਘ ਵਾਸੀ ਸਰਾਏ ਅਮਾਨਤ ਖਾਂ ਨੇ ਆਪਣੀ ਪੁੱਛਗਿੱਛ ਦੌਰਾਨ ਇਹ ਦੱਸਿਆ ਕਿ ਇਨ੍ਹਾਂ ਨਾਲ ਕਾਫੀ ਲੰਮੇ ਸਮੇਂ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਨ੍ਹਾਂ ਦੇ ਹੋਰ ਵੀ ਸਾਥੀ ਹਨ, ਜਿਨ੍ਹ੍ਹਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ | ਡੀ.ਐੱਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ, ਜਿਨ੍ਹਾਂ ਨੂੰ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |