ਪੱਟੀ, 5 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਵਿਚ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਚੋਣ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਪਾਰਟੀ ਵਲੋਂ ਵੱਖ-ਵੱਖ ਹਲਕਿਆਂ ਵਿਚ ਜ਼ਿੰਮੇਵਾਰ ਆਗੂਆਂ ਦੀਆਂ ਡਿਊਟੀਆਂ ਲਗਾ ਕੇ ਚੋਣ ਤਿਆਰੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪੱਟੀ ਹਲਕੇ ਨਾਲ ਸੰਬੰਧਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਪੀ. ਸੀ. ਸੀ.) ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੂੰ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੀਆਂ ਆਉਣ ਵਾਲੀਆਂ ਚੋਣਾਂ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਪਾਰਟੀ ਹਾਈਕਮਾਨ ਵਲੋਂ ਕੀਤੀ ਇਸ ਨਿਯੁਕਤੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਹਰਪ੍ਰੀਤ ਸਿੰਘ ਸੰਧੂ ਨੇ ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸੰਗਠਨ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ 'ਤੇ ਜਤਾਇਆ ਹੈ, ਉਹ ਉਸ 'ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ 'ਤੇ ਵਰਕਰਾਂ ਨਾਲ ਮਿਲ ਕੇ ਚੋਣ ਰਣਨੀਤੀ ਤਿਆਰ ਕੀਤੀ ਜਾਵੇਗੀ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ ਅਤੇ ਲੋਕ ਮੁੜ ਕਾਂਗਰਸ ਪਾਰਟੀ ਵੱਲ ਉਮੀਦ ਨਾਲ ਦੇਖ ਰਹੇ ਹਨ |