ਤਰਨ ਤਾਰਨ, 5 ਮਈ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਨਗਣਨਾ-2027 ਤਹਿਤ ਜ਼ਿਲ੍ਹੇ ਵਿਚ ਚੱਲ ਰਹੀ ਸਵੈ-ਗਣਨਾ ਪ੍ਰਕਿਰਿਆ ਵਿਚ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਆਨਲਾਈਨ ਸਵੈ-ਗਣਨਾ 'ਐੱਸ.ਈ ਪੋਰਟਲ' ਉੱਤੇ 14 ਮਈ ਤੱਕ ਕੀਤੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇਕ ਅਜਿਹੀ ਸਹੂਲਤ ਹੈ, ਜਿਸ ਰਾਹੀਂ ਜ਼ਿਲ੍ਹਾ ਵਾਸੀ ਖ਼ੁਦ ਹੀ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਦੇ ਲਈ ਨਾਗਰਿਕਾਂ ਨੂੰ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ 'ਤੇ ਜਾਣਾ ਹੋਵੇਗਾ | ਆਪਣੇ ਮੋਬਾਈਲ ਨੰਬਰ ਅਤੇ ਬੇਸਿਕ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ 'ਤੇ ਲਾਗਇਨ ਕਰਨਾ ਹੋਵੇਗਾ | ਇਸ ਤੋਂ ਬਾਅਦ ਪੋਰਟਲ 'ਤੇ ਮੰਗੇ ਗਏ ਵੇਰਵੇ ਦਰਜ ਕਰਨੇ ਹੋਣਗੇ, ਜਿਵੇਂ ਹੀ ਸਫ਼ਲਤਾਪੂਰਵਕ ਫਾਰਮ ਸਬਮਿਟ ਹੋਵੇਗਾ ਤਾਂ ਪੋਰਟਲ ਨਾਗਰਿਕ ਨੂੰ ਇਕ 'ਸੈਲਫ-ਐਨੂਮਰੇਸ਼ਨ ਆਈ.ਡੀ. (ਐੱਸ.ਈ.ਆਈ.ਡੀ.) ਜਨਰੇਟ ਕਰਕੇ ਦੇਵੇਗਾ | ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ.ਡੀ. ਦਿਖਾਉਣੀ ਹੋਵੇਗੀ | ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਵਿਭਾਗ ਵਲੋਂ ਪਹਿਲੀ ਵਾਰ ਆਪਣੀ ਜਨਗਣਨਾ ਆਪ ਕਰਨ ਦਾ ਇਹ ਵਿਕਲਪ ਰੱਖਿਆ ਗਿਆ ਹੈ, ਜਿਸਦਾ ਨਾਗਰਿਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਜਨਗਣਨਾ ਵਿਭਾਗ ਦਾ ਪੋਰਟਲ 14 ਮਈ ਤੱਕ ਖੁੱਲ੍ਹਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਗਿਣਤੀਕਾਰਾਂ ਵਲੋਂ 15 ਮਈ ਤੋਂ 13 ਜੂਨ ਤੱਕ ਫੀਲਡ ਸਰਵੇ ਸ਼ੁਰੂ ਕੀਤਾ ਜਾਵੇਗਾ, ਜਿਸ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ ਡਾਟਾ ਇੰਦਰਾਜ ਕਰਨਗੇ | ਉਨ੍ਹਾਂ ਕਿਹਾ ਕਿ ਜਨਗਣਨਾ ਲਈ ਇਕੱਤਰ ਕੀਤੀ ਗਈ ਸੂਚਨਾ ਸਰਕਾਰ ਵੱਲੋਂ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਜਨਗਣਨਾ ਦਾ ਕੰਮ ਅਤਿ ਮਹੱਤਵਪੂਰਨ ਹੈ ਅਤੇ ਇਹ ਸਰਕਾਰ ਵਲੋਂ ਨਵੀਆਂ ਵਿਕਾਸ ਯੋਜਨਾਵਾਂ ਉਲੀਕਣ ਵਿਚ ਸਹਾਇਕ ਹੋਵੇਗਾ |