ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਤਰਨ ਤਾਰਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਿੱਖੇ ਰੋਸ ਪ੍ਰਦਰਸ਼ਨ ਵਜੋਂ ਹੜਤਾਲ ਕੀਤੀ ਗਈ | ਇਹ ਸਾਰੇ ਕਰਮਚਾਰੀ ਸਾਲ 2007 ਤੋਂ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਪਰੰਤੂ ਸਰਕਾਰ ਅਤੇ ਵਿਭਾਗ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਅਜੇ ਤੱਕ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ | ਇਸਦੇ ਨਾਲ ਹੀ ਜ਼ਿਲ੍ਹਾ ਤਰਨ ਤਾਰਨ ਦੇ ਕਰਮਚਾਰੀ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਮਾਮਲੇ ਵਿਚ ਵੀ ਜਥੇਬੰਦੀ ਵਲੋਂ 5 ਮਈ ਤੋਂ ਤਿੱਖੇ ਵਿਰੋਧ ਵਜੋਂ ਧਰਨਾ ਲਗਾਤਾਰ ਜਾਰੀ ਹੈ | ਉੱਚ ਅਧਿਕਾਰੀਆਂ ਵਲੋਂ ਬਹਾਲੀ ਦੇ ਭਰੋਸੇ ਦੇ ਬਾਵਜੂਦ ਕਈ ਮਹੀਨਿਆਂ ਤੋਂ ਕੋਈ ਕਾਰਵਾਈ ਨਾ ਹੋਣ 'ਤੇ ਜਥੇਬੰਦੀ ਨੇ ਗੰਭੀਰ ਨਾਰਾਜ਼ਗੀ ਜਤਾਈ ਹੈ | ਜਥੇਬੰਦੀ ਦੇ ਸਾਰੇ ਸਾਥੀਆਂ ਵਲੋਂ ਪੂਰਨ ਫ਼ੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਸਾਥੀ ਲਵਪ੍ਰੀਤ ਸਿੰਘ ਨੂੰ ਬਹਾਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | 5 ਮਈ ਤੋਂ ਜ਼ਿਲ੍ਹਾ ਤਰਨ ਤਾਰਨ ਆਪਣੇ ਸਾਥੀ ਦੀ ਬਹਾਲੀ ਲਈ ਧਰਨੇ 'ਤੇ ਬੈਠਿਆ ਹੋਇਆ ਹੈ ਅਤੇ 7 ਮਈ ਤੋਂ ਸਾਰੇ ਜ਼ਿਲਿ੍ਹਆਂ ਦੇ ਸਾਥੀਆਂ ਨੂੰ 5-7 ਦੀ ਗਿਣਤੀ ਵਿਚ ਤਰਨ ਤਾਰਨ ਪਹੁੰਚ ਕੇ ਸੰਘਰਸ਼ ਵਿਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ | ਹਰ ਤਹਿਸੀਲ ਅਤੇ ਜ਼ਿਲ੍ਹਾ ਆਪਣੇ ਪੱਧਰ 'ਤੇ ਸਾਰਾ ਕੰਮ ਪੂਰਨ ਤੌਰ 'ਤੇ ਬੰਦ ਕਰਕੇ ਆਪਣੀ ਸਹਿਮਤੀ ਅਤੇ ਏਕਤਾ ਦਰਸਾਈ ਗਈ | ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜਿੰਨਾ ਚਿਰ ਸਾਡੇ ਸਾਥੀ ਨੂੰ ਬਹਾਲ ਨਹੀਂ ਕੀਤਾ ਜਾਂਦਾ, ਉਨ੍ਹਾਂ ਚਿਰ ਸਾਰੇ ਫ਼ਰਦ ਕੇਂਦਰ ਅਣਮਿੱਥੇ ਸਮੇਂ ਲਈ ਬੰਦ ਰਹਿਣਗੇ | ਇਸ ਦੌਰਾਨ ਫ਼ਰਦ ਕੇਂਦਰਾਂ ਲਈ ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਵਲੋਂ ਜਾਰੀ ਨਵੇਂ ਮੈਨਪਾਵਰ ਟੈਂਡਰ ਵਿਚ ਸਿਰਫ਼ 674 ਕਰਮਚਾਰੀਆਂ ਦੀ ਲੋੜ ਦਰਸਾਉਣ 'ਤੇ ਵੀ ਤਿੱਖਾ ਵਿਰੋਧ ਕੀਤਾ ਗਿਆ | ਜਥੇਬੰਦੀ ਅਨੁਸਾਰ ਇਸ ਨਾਲ ਮੌਜੂਦਾ ਅਪਰੇਟਰਾਂ ਅਤੇ ਸੇਵਾਦਾਰਾਂ ਦੀਆਂ ਨੌਕਰੀਆਂ 'ਤੇ ਸਿੱਧਾ ਖਤਰਾ ਬਣ ਗਿਆ ਹੈ | ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਠੇਕੇਦਾਰੀ ਪ੍ਰਣਾਲੀ ਖਤਮ ਕਰਕੇ ਪਾਲਿਸੀ ਤਹਿਤ ਸਰਕਾਰੀ ਵਿਭਾਗਾਂ ਵਿਚ ਰੈਗੂਲਰ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਵਾਰ-ਵਾਰ ਮੀਟਿੰਗਾਂ ਦੇ ਬਾਵਜੂਦ ਕੋਈ ਢੁਕਵਾਂ ਹੱਲ ਨਹੀਂ ਕੱਢਿਆ ਗਿਆ | ਤਰਨ ਤਾਰਨ ਵਿਖੇ ਹੋਏ ਰੋਸ ਪ੍ਰਦਰਸ਼ਨ ਮੌਕੇ ਸੂਬਾ ਪ੍ਰਧਾਨ ਰਮਨਦੀਪ ਸਿੰਘ, ਸੁਨੀਲ ਸ਼ਰਮਾ, ਦਿਲਬਾਗ ਸਿੰਘ , ਤਰਨ ਤਾਰਨ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ, ਮੀਤ ਪ੍ਰਧਾਨ ਮਨਪਰੀਤ ਸਿੰਘ, ਜਰਨਲ ਸਕੱਤਰ ਸੰਦੀਪ ਸਿੰਘ, ਰਾਕੇਸ਼ ਕੁਮਾਰ, ਮਨਪਰੀਤ ਸਿੰਘ ਖੱਖ ਅਤੇ ਹੋਰ ਮੈਂਬਰ ਮੌਕੇ 'ਤੇ ਹਾਜ਼ਰ ਸਨ | ਜਥੇਬੰਦੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਵਲੋਂ ਜਲਦ ਇਹ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ 7 ਮਈ ਤੋਂ ਚੱਲ ਰਹੀ ਹੜਤਾਲ ਪੰਜਾਬ ਪੱਧਰੀ ਸੰਘਰਸ਼ ਦੇ ਤੌਰ 'ਤੇ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲਾ ਜਾਵੇਗਾ, ਜਿਸ ਦੀ ਪੂਰੀ ਜਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ |