ਤਰਨ ਤਾਰਨ, 9 ਮਈ (ਹਰਿੰਦਰ ਸਿੰਘ) ਜ਼ਿਲ੍ਹਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਬਲਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਪਿੰਡ ਚਾਹਲ ਤੋਂ ਜੋਨੀ ਸਿੰਘ ਪੁੱਤਰ ਮੁਨਸ਼ਾ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 53 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰਾਂਾ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਦਿਲਬਾਗ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਖਡੂਰ ਸਾਹਿਬ ਦੇ ਘਰ ਛਾਪੇਮਾਰੀ ਦੌਰਾਨ ਉਥੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਪਤਾਰ ਕਰ ਲਿਆ ਹੈ | ਇਸੇ ਤਰਾਂ ਥਾਣਾ ਚੋਹਲਾ ਸਾਹਿਬ ਦੇ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਲਵਿੰਦਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰਾਂ ਥਾਣਾ ਵਲਟੋਹਾ ਦੇ ਐੱਸ.ਆਈ. ਸ਼ਵਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵਿੱਕੀ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਵਲਟੋਹਾ ਅਤੇ ਅਰੁਣ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਖੇਮਕਰਨ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਗਿ੍ਫ਼ਤਾਰ ਕੀਤਾ ਹੈ | ਇਸੇ ਤਰਾਂ ਥਾਣਾ ਖਾਲੜਾ ਦੇ ਐੱਸ.ਆਈ. ਗੁਰਸਾਹਿਬ ਸਿਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਗੰਦਾ ਨਾਲਾ ਡੱਲ ਨਜ਼ਦੀਕ ਨਾਕਾਬੰਦੀ ਦੌਰਾਨ ਸਮਸ਼ੇਰ ਸਿੰਘ ਪੁੱਤਰ ਚੰਨਾ ਸਿੰਘ ਵਾਸੀ ਮਾੜੀਉਧੋਕੇ ਨੂੰ ਕਾਬੂ ਕਰਕੇ ਉਸ ਪਾਸੋਂ 270 ਗ੍ਰਾਮ ਹੈਰੋਇਨ ਅਤੇ ਇਕ ਮੋਬਾਈਲ ਫੋਨ ਬਰਾਮਦ ਕੀਤਾ ਹੈ | ਇਸੇ ਤਰਾਂ ਥਾਣਾ ਹਰੀਕੇ ਦੇ ਐੱਸ.ਆਈ. ਰਾਹੁਲ ਕਚੂਰਾ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ੇਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰਾਂ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ. ਰਵੀ ਸ਼ੰਕਰ ਨੇ ਪੁਲਿਸ ਪਾਰਟੀ ਸਮੇਤ ਬਾਗ ਸੂਆ ਬ੍ਰਾਹਮਣੀਵਾਲਾ ਪੱਟੀ ਤੋਂ ਰਾਜ ਕੁਮਾਰ ਪੁੱਤਰ ਬਾਬੂ ਲਾਲ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ 98 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |