ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਅੰਗਦਦੀਪ ਸਿੰਘ ਸੋਹਲ ਨੂੰ ਸਰਬਸੰਮਤੀ ਨਾਲ ਤਰਨ ਤਾਰਨ ਦਾ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਚੁਣਿਆ ਗਿਆ ਹੈ | ਸਥਾਨਿਕ ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਅੰਗਦਦੀਪ ਸਿੰਘ ਸੋਹਲ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਚੁਣਿਆ ਗਿਆ | ਇਸ ਚੋਣ ਮੌਕੇ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਚੇਅਰਮੈਨ ਚੁਣੇ ਜਾਣ 'ਤੇ ਅੰਗਦਦੀਪ ਸਿੰਘ ਸੋਹਲ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਜ਼ਿਲ੍ਹਾ ਤਰਨ ਤਾਰਨ ਦੇ ਵਿਧਾਇਕਾਂ ਅਤੇ 'ਆਪ' ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਉਪਰ ਭਰੋਸਾ ਕਰਕੇ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ 'ਆਪ' ਸਰਕਾਰ ਦੀ ਵਿਕਾਸ ਨੀਤੀ 'ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਤਰਨ ਤਾਰਨ ਦੇ ਲੋਕਾਂ ਨੇ 'ਆਪ' ਦੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਸਾਰੇ ਉਮੀਦਵਾਰ ਜਿਤਾ ਕੇ ਸਰਕਾਰ ਦੇ ਕੀਤੇ ਜਾ ਰਹੇ ਕੰਮਾਂ 'ਤੇ ਮੋਹਰ ਲਾਈ ਹੈ | ਇਸ ਜਿੱਤ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਉਹ ਦਿਨ-ਰਾਤ ਮਿਹਨਤ ਕਰਨਗੇ | ਸੋਹਲ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀਸ਼ੀਲ ਕਰਨਾ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੋਵੇਗੀ | ਇਸ ਮੌਕੇ ਹੋਰ ਪਾਰਟੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਨੇ ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਲੇ ਲਈ ਆਮ ਆਦਮੀ ਪਾਰਟੀ ਨਾਲ ਜੁੜ ਕੇ ਅੱਗੇ ਹੋ ਕੇ ਕੰਮ ਕਰਨ | ਆਮ ਆਦਮੀ ਪਾਰਟੀ ਵਿਚ ਉਸ ਹਰ ਵਿਅਕਤੀ ਦਾ ਸਵਾਗਤ ਹੈ, ਜੋ ਪੰਜਾਬ ਦਾ ਭਲਾ ਚਾਹੁੰਦਾ ਹੈ |