ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਧੂੰਦਾ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਨੇ ਜ਼ਿਲ੍ਹਾ ਕਨਵੀਨਰ ਬਲਦੇਵ ਸਿੰਘ ਧੂੰਦਾ ਦੀ ਅਗਵਾਈ ਵਿਚ ਇਕੱਠੇ ਹੋ ਕੇ ਗਵਰਨਰ ਪੰਜਾਬ ਅਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ | ਯਾਦ ਰਹੇ ਕਿ ਕੱਲ੍ਹ ਚੰਡੀਗੜ੍ਹ ਵਿੱਚ ਕਿਸਾਨ ਮਾਰਚ ਤੇ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਥਾਂ-ਥਾਂ 'ਤੇ ਪੁਤਲੇ ਫੂਕੇ ਜਾਣ ਦਾ ਸੱਦਾ ਦਿੱਤਾ ਗਿਆ ਸੀ | ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਵਲੋਂ ਪੁਤਲਾ ਫ਼ੂਕਣ ਸਮੇਂ ਕਿਸਾਨ ਆਗੂ ਬਲਦੇਵ ਸਿੰਘ ਧੂੰਦਾ ਨੇ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਪੰਜਾਬ ਦੇ ਹੱਕਾਂ 'ਤੇ ਲਗਾਤਾਰ ਡਾਕਾ ਮਾਰ ਰਹੀ ਹੈ | ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਖਤਮ ਕਰ ਦਿੱਤੀ ਗਈ ਹੈ | ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ | ਪੰਜਾਬ ਯੂਨੀਵਰਸਿਟੀ ਨੂੰ ਵੀ ਖੋਹਿਆ ਜਾ ਰਿਹਾ ਹੈ, ਪੰਜਾਬੀ ਬੋਲੀ ਨਾਲ ਚੰਡੀਗੜ੍ਹ ਤੇ ਹੋਰ ਗੁਆਂਢੀ ਰਾਜਾਂ ਵਿਚ ਧੱਕਾ ਕੀਤਾ ਜਾ ਰਿਹਾ ਹੈ | ਪੰਜਾਬ ਦੇ ਸੈਨਿਕ ਸਕੂਲਾਂ ਵਿਚ ਪੰਜਾਬੀ ਨੂੰ ਮਤਰੇਈ ਕਰ ਦਿੱਤਾ ਗਿਆ ਹੈ | ਇਸ ਤੋਂ ਬਿਨਾਂ ਕੇਂਦਰ ਸਰਕਾਰ ਲੋਕਾਂ ਨੂੰ ਧਰਮ ਦੇ ਨਾਂਅ 'ਤੇ ਪਾੜ ਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ | ਮਜ਼ਦੂਰਾਂ-ਕਿਸਾਨਾਂ ਤੇ ਮਿਹਨਤਕਸ਼ ਲੋਕਾਂ ਦੀ ਲੁੱਟ ਲਗਾਤਾਰ ਵੱਧ ਰਹੀ ਹੈ | ਇਸ ਮੌਕੇ ਟ੍ਰੇਡ ਯੂਨੀਅਨ ਤੇ ਮਜ਼ਦੂਰ ਆਗੂ ਗੁਰਦਿਆਲ ਸਿੰਘ ਖਡੂਰ ਸਾਹਿਬ ਤੇ ਬਲਜੀਤ ਸਿੰਘ ਫਤਿਆਬਾਦ ਨੇ ਕਿਹਾ ਕਿ ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਰਿਹਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਲਗਪਗ ਕੇਂਦਰ ਸਰਕਾਰ ਦੀਆਂ ਲੀਹਾਂ 'ਤੇ ਕੰਮ ਕਰ ਰਹੀ ਹੈ | ਇਸ ਮੌਕੇ ਨਿਸ਼ਾਨ ਸਿੰਘ ਸਖਦੇਵ ਸਿੰਘ, ਅਮਰ ਸਿੰਘ ਚਰਨ ਸਿੰਘ ਅਮਰੀਕ ਸਿੰਘ, ਰਾਜਵਿੰਦਰ ਕੌਰ, ਪਲਵਿੰਦਰ ਕੌਰ ਆਦਿ ਹਾਜ਼ਰ ਸਨ |