ਤਰਨ ਤਾਰਨ, 16 ਮਈ (ਇਕਬਾਲ ਸਿੰਘ ਸੋਢੀ)- ਪਿੰਡ ਮਾਣੋਚਾਹਲ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਨੇ ਜੋਗਾ ਸਿੰਘ ਤੇ ਗੁਰਭੇਜ ਸਿੰਘ ਦੀ ਅਗਵਾਈ ਵਿਚ ਇਕੱਠੇ ਹੋ ਕੇ ਗਵਰਨਰ ਪੰਜਾਬ ਅਤੇ ਕੇਂਦਰ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ | ਯਾਦ ਰਹੇ ਕਿ ਕੱਲ੍ਹ ਚੰਡੀਗੜ੍ਹ ਵਿਚ ਕਿਸਾਨ ਮਾਰਚ 'ਤੇ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਥਾਂ-ਥਾਂ 'ਤੇ ਪੁਤਲੇ ਫੂਕੇ ਜਾਣੇ ਹਨ | ਇਸੇ ਲੜੀ ਤਹਿਤ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਵਲੋਂ ਪੁਤਲਾ ਫ਼ੂਕਣ ਸਮੇਂ ਕਿਸਾਨ ਆਗੂ ਸੁਖਦੇਵ ਸਿੰਘ ਮਾਨੋਚਾਲ ਨੇ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਪੰਜਾਬ ਦੇ ਹੱਕਾਂ ਤੇ ਲਗਾਤਾਰ ਡਾਕਾ ਮਾਰ ਰਹੀ ਹੈ | ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਖਤਮ ਕਰ ਦਿੱਤੀ ਗਈ ਹੈ | ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ | ਪੰਜਾਬ ਯੂਨੀਵਰਸਿਟੀ ਨੂੰ ਵੀ ਖੋਹਿਆ ਜਾ ਰਿਹਾ ਹੈ, ਪੰਜਾਬੀ ਬੋਲੀ ਨਾਲ ਚੰਡੀਗੜ੍ਹ ਤੇ ਹੋਰ ਗੁਆਂਢੀ ਰਾਜਾਂ ਵਿੱਚ ਧੱਕਾ ਕੀਤਾ ਜਾ ਰਿਹਾ ਹੈ | ਪੰਜਾਬ ਦੇ ਸੈਨਿਕ ਸਕੂਲਾਂ ਵਿਚ ਪੰਜਾਬੀ ਨੂੰ ਮਤਰੇਈ ਕਰ ਦਿੱਤਾ ਗਿਆ ਹੈ | ਇਸ ਤੋਂ ਬਿਨਾਂ ਕੇਂਦਰ ਸਰਕਾਰ ਲੋਕਾਂ ਨੂੰ ਧਰਮ ਦੇ ਨਾਂ 'ਤੇ ਪਾੜ ਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ | ਮਜ਼ਦੂਰਾਂ ਕਿਸਾਨਾਂ ਤੇ ਮਿਹਨਤਕਸ਼ ਲੋਕਾਂ ਦੀ ਲੁੱਟ ਲਗਾਤਾਰ ਵੱਧ ਰਹੀ ਹੈ, ਡੀਜ਼ਲ ਪੈਟਰੋਲ ਤੇ ਗੈਸ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਰਿਹਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਲਗਭਗ ਕੇਂਦਰ ਸਰਕਾਰ ਦੀਆਂ ਲੀਹਾਂ 'ਤੇ ਕੰਮ ਕਰ ਰਹੀ ਹੈ | ਇਸ ਮੌਕੇ ਰਾਮ ਸਿੰਘ ਹਰਜੀਤ ਸਿੰਘ ਤੇ ਸੁਖਵੰਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ |