ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਤੇ ਵਿਭਾਗ ਦੀਆਂ ਕੰਪਿਊਟਰ ਅਧਿਆਪਕ ਵਿਰੋਧੀ ਨੀਤੀਆਂ ਖ਼ਿਲਾਫ਼ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋੋਂ 28 ਮਈ ਨੂੰ ਮੁਹਾਲੀ ਡੀ. ਜੀ. ਐੱਸ. ਈ. ਦਫਤਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ | ਜ਼ਿਲ੍ਹਾ ਇਕਾਈ ਤਰਨ ਤਾਰਨ ਦੀ ਮੀਟਿੰਗ ਸੂਬਾ ਆਗੂ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਹੋਈ | ਆਗੂਆਂ ਵਲੋਂ ਦੱਸਿਆ ਗਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ ਪਿਕਟਸ ਦੇ ਨਾਂਅ 'ਤੇ ਗੁਮਰਾਹ ਕੀਤਾ ਜਾ ਰਿਹਾ ਹੈ | ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ | ਆਗੂਆਂ ਵਲੋੋਂ ਰੋਸ ਪ੍ਰਗਟ ਕਰਦੇ ਹੋਏ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿਚ ਹਮੇਸ਼ਾ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ | 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ | ਇਸ ਦੌਰਾਨ 112 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 6 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨ੍ਹਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ | ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ | ਇਸ ਦੌਰਾਨ ਜ਼ਿਲ੍ਹਾ ਆਗੂ ਸੀਤਲ ਸਿੰਘ, ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਰਾਖੀ ਮੰਨਣ ਸਟੇਟ ਕਮੇਟੀ ਮੈਂਬਰ, ਗੁਰਪ੍ਰੀਤ ਸਿੰਘ, ਕਰਨਦੀਪ ਸਿੰਘ, ਹਰਚੰਦ ਸਿੰਘ, ਇਮਰਾਨ ਸ਼ਾਹ, ਤੇਜਿੰਦਰ ਸਿੰਘ, ਜਸਪਾਲ ਸਿੰਘ ਅਜੇਪਾਲ ਸਿੰਘ, ਹਰਜਿੰਦਰ ਕੌਰ, ਸੰਦੀਪ ਕੌਰ, ਹਰਪ੍ਰੀਤ ਸਿੰਘ, ਪਰਵਿੰਦਰ ਸਿੰਘ ਮੁੰਡਾਪਿੰਡ, ਜਸਪ੍ਰੀਤ ਸਿੰਘ, ਨਿਤਿਨ ਸੂਦ, ਅਮਨਪ੍ਰੀਤ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |