ਗੋਇੰਦਵਾਲ ਸਾਹਿਬ, 25 ਮਈ (ਸਕੱਤਰ ਸਿੰਘ ਅਟਵਾਲ)-ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਨੇ ਦੇਸ਼ ਵਿਚ ਵੱਧ ਰਹੀਆਂ ਤੇਲ ਕੀਮਤਾਂ ਅਤੇ ਡਿੱਗਦੇ ਆਰਥਿਕ ਹਾਲਾਤਾਂ 'ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕਾਂ ਦੀ ਜਿੰਦਗੀ ਬਹੁਤ ਮੁਸ਼ਕਿਲ ਹੋ ਚੁੱਕੀ ਹੈ | ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨੇ ਘਰਾਂ ਦੇ ਬਜਟ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤੇ ਹਨ | ਉਨ੍ਹਾਂ ਕਿਹਾ ਕਿ ਜਦੋਂ ਵੀ ਤੇਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਇਸਦਾ ਸਿੱਧਾ ਅਸਰ ਆਵਾਜਾਈ, ਖੇਤੀਬਾੜੀ, ਰੋਜ਼ਮਰ੍ਹਾ ਦੀਆਂ ਵਸਤਾਂ ਅਤੇ ਛੋਟੇ ਕਾਰੋਬਾਰਾਂ 'ਤੇ ਪੈਂਦਾ ਹੈ | ਅੱਜ ਦੇਸ਼ ਦਾ ਕਿਸਾਨ, ਮਜ਼ਦੂਰ, ਦੁਕਾਨਦਾਰ ਅਤੇ ਮੱਧਵਰਗ ਹਰ ਪਾਸੇ ਤੋਂ ਮਹਿੰਗਾਈ ਦੀ ਮਾਰ ਸਹਿ ਰਿਹਾ ਹੈ, ਪਰ ਸਰਕਾਰ ਲੋਕਾਂ ਨੂੰ ਕੋਈ ਵੱਡੀ ਰਾਹਤ ਦੇਣ ਵਿਚ ਅਸਫ਼ਲ ਰਹੀ ਹੈ | ਪੰਜਾਬ ਵਰਗੇ ਖੇਤੀਬਾੜੀ ਪ੍ਰਧਾਨ ਸੂਬੇ ਵਿਚ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਕਿਸਾਨਾਂ ਦੀ ਲਾਗਤ ਹੋਰ ਵਧ ਗਈ ਹੈ | ਪਹਿਲਾਂ ਹੀ ਕਰਜ਼ੇ ਅਤੇ ਘੱਟ ਆਮਦਨ ਨਾਲ ਜੂਝ ਰਹੇ ਕਿਸਾਨ ਲਈ ਇਹ ਹਾਲਾਤ ਹੋਰ ਵੀ ਚਿੰਤਾਜਨਕ ਬਣਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਠੋਸ ਕਦਮ ਨਾ ਚੁੱਕੇ ਤਾਂ ਆਉਣ ਵਾਲੇ ਸਮੇਂ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਹੋਰ ਵੱਡਾ ਸੰਕਟ ਬਣ ਸਕਦੇ ਹਨ | ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਲੋਕ-ਹਿਤੈਸ਼ੀ ਨੀਤੀਆਂ ਦੀ ਲੋੜ ਹੈ |