ਤਰਨ ਤਾਰਨ, 25 ਮਈ (ਇਕਬਾਲ ਸਿੰਘ ਸੋਢੀ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਸਿਹਤ ਵਿਭਾਗ ਪੰਜਾਬ ਦੇ ਬੈਨਰ ਹੇਠ ਸਿਹਤ ਵਿਭਾਗ ਪੰਜਾਬ ਦੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਦੇ ਖਿਲਾਫ਼ ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਨ ਤੇ ਸਰਕਾਰ ਦਾ ਪੁਤਲਾ ਫੂਕਣ ਦਾ ਐਲਾਨ ਕਰਦਿਆਂ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਵੇਰਕਾ ਪਲਾਂਟ ਇੱਕਠੇ ਹੋਕੇ ਕਰਮਚਾਰੀ ਮੁੱਖ ਮੰਤਰੀ ਦੀ ਰਿਹਾਇਸ ਦਾ ਘਿਰਾਓ ਕਰਨਗੇ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਉਨ੍ਹਾਂ ਦੱਸਿਆ ਕਿ ਮਿਤੀ 15 ਫਰਵਰੀ ਨੂੰ ਵੀ ਕਰਮਚਾਰੀਆਂ ਵਲੋੋਂ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਉਪਰੰਤ 18 ਫਰਵਰੀ ਨੂੰ ਪੈਨਲ ਮੀਟਿੰਗ ਮਿਲਣ ਉਪਰੰਤ ਅਤੇ ਮੰਗਾਂ ਨੂੰ ਮੰਨਣ ਦੇ ਵਿਸਵਾਸ਼ ਨਾਲ ਐਸੋਸੀਏਸ਼ਨ ਨੇ ਧਰਨਾ ਚੁੱਕਿਆ ਸੀ ਅਤੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਜਲਦ ਹੀ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਅੱਜ ਤਕਰੀਬਨ 3 ਮਹੀਨੇ ਬੀਤ ਜਾਣ ਉਪਰ ਵੀ ਕਰਮਚਾਰੀਆਂ ਦੀ ਮੰਗ ਦਿੱਲੀ ਸਰਕਾਰ ਦੀ ਤਰਜ 'ਤੇ 20 ਫ਼ੀਸਦੀ ਵਾਧਾ ਉਪਰ ਕੋਈ ਕਰਵਾਈ ਨਹੀਂ ਕੀਤੀ ਗਈ | ਇੱਥੇ ਜਿਕਰਯੋਗ ਹੈ ਸਿਹਤ ਮੰਤਰੀ, ਸਿਹਤ ਸਕੱਤਰ ਨਾਲ ਲਗਪਗ 50 ਮੀਟਿੰਗਾ ਹੋ ਚੁੱਕੀਆਂ ਹਨ, ਜਿਸ ਵਿਚ ਹਮੇਸ਼ਾ ਉਨ੍ਹਾਂ ਜਲਦ ਕਾਰਵਾਈ ਕਰਨ ਦਾ ਵਿਸ਼ਵਾਸ ਦਿੱਤਾ ਹੈ, ਪਰ ਅੱਜ ਤੱਕ ਕੋਈ ਹੱਲ ਨਹੀਂ ਹੋਇਆ, ਜਿਸ ਨਾਲ ਕਮਰਚਾਰੀਆਂ ਵਿਚ ਰੋਸ ਦੀ ਭਾਵਨਾ ਹੈ ਅਤੇ ਇਸ ਰੋਸ ਨੂੰ ਪ੍ਰਗਟ ਕਰਨ ਲਈ ਮਿਤੀ 31 ਮਈ ਨੂੰ ਕਰਮਚਾਰੀ ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼ ਸੰਗਰੂਰ ਦਾ ਘਿਰਾਓ ਕਰਨਗੇ ਅਤੇ ਸਰਕਾਰ ਦਾ ਪੁਤਲਾ ਫੂਕਣਗੇ | ਗੁਰਜੰਟ ਸਿੰਘ ਖੰਨਾ ਜਨਰਲ ਸਕੱਤਰ ਨੇ ਦੱਸਿਆ ਕਿ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਇਕ ਮਹੀਨੇ ਦੇ ਅੰਦਰ ਸਮੂਹ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਦਿੱਲੀ ਸਰਕਾਰ ਦੀ ਤਰਜ਼ 'ਤੇ ਤਨਖਾਹਾਂ ਵਿਚ 20 ਪ੍ਰਤੀਸ਼ਤ ਤੱਕ ਵਾਧਾ ਕੀਤਾ ਜਾਵੇਗਾ, ਪਰ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ | ਇਸ ਮੌਕੇ ਯੂਨੀਅਨ ਦੇ ਪ੍ਰੈੱਸ ਸਕੱਤਰ ਮੁਨੀਸ਼ ਮੁੱਖ ਦਫ਼ਤਰ ਚੰਡੀਗੜ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦ ਹੀ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |