ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ 19 ਉਮੀਦਵਾਰਾਂ ਦੇ ਹੱਕ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਸ਼ਹਿਰ ਦੇ ਵੱਖ-ਵੱਖ ਬੂਥਾਂ 'ਤੇ ਪਹੁੰਚ ਕੇ ਆਪਣੇ ਉਮੀਦਵਾਰਾਂ ਦਾ ਹੌਸਲਾ ਵਧਾਇਆ ਗਿਆ | ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਰਹੇ | ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਵੋਟਿੰਗ ਦੌਰਾਨ ਬੂਥਾਂ 'ਤੇ ਮੌਜੂਦ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਲੋਕਾਂ ਵਲੋਂ ਕਾਂਗਰਸ ਪਾਰਟੀ ਨੂੰ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਪਾਰਟੀ ਦੇ ਉਮੀਦਵਾਰ ਵੱਡੇ ਅੰਤਰ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਕਿਹਾ ਕਿ ਪੱਟੀ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਾਂਗਰਸ ਪਾਰਟੀ ਹਮੇਸ਼ਾਂ ਵਚਨਬੱਧ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਦੌਰਾਨ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ ਅਤੇ ਇਸ ਦਾ ਨਤੀਜਾ ਚੋਣ ਨਤੀਜਿਆਂ ਵਿਚ ਸਪੱਸ਼ਟ ਤੌਰ 'ਤੇ ਸਾਹਮਣੇ ਆਵੇਗਾ | ਇਸ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਵੀ ਬੂਥਾਂ 'ਤੇ ਪੂਰੀ ਸਰਗਰਮੀ ਨਾਲ ਡਿਊਟੀਆਂ ਨਿਭਾਈਆਂ ਗਈਆਂ |