ਤਰਨ ਤਾਰਨ, 27 ਮਈ (ਹਰਿੰਦਰ ਸਿੰਘ)ਕੇਂਦਰੀ ਜੇਲ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ 6 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 21 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਹਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਅਵਾਨ, ਕਰਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਕਬੂਲਪੁਰਾ, ਜੈਪਾਲ ਸਿੰਘ ਪੁੱਤਰ ਭਜਨ ਸਿੰਘ ਵਾਸੀ ਬਸਤੀ ਸੁਰਜੀਤਪੁਰਾ ਬਠਿੰਡਾ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ 3 ਟੱਚ ਮੋਬਾਈਲ ਫੋਨ ਬਰਾਮਦ ਕੀਤੇ ਹਨ | ਇਸੇ ਤਰਾਂ ਜੇਲ ਦੇ ਸਹਾਇਕ ਸੁਪਰਡੈਂਟ ਲਖਬੀਰ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 25 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਗੁਰਸਾਹਿਬ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਮੱਲੀਆਵਾਲਾ ਗੁਰਦਾਸਪੁਰ, ਹਰਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਚੱਕ ਮਿਸ਼ਰੀ ਖਾਨ ਲੋਪੋਕੇ ਦੀ ਤਲਾਸ਼ੀ ਲੈਣ 'ਤੇ ਉਨਾਂ ਪਾਸੋਂ 4 ਮੋਬਾਈਲ ਫੋਨ ਬਰਾਮਦ ਕੀਤੇ ਹਨ | ਇਸੇ ਤਰਾਂ ਜੇਲ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 26 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਮਾਲਕ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਜੱਬੋਵਾਲ ਵਾਸੀ ਤਰਸਿੱਕਾ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 1 ਟੱਚ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਨ੍ਹਾਂ ਪਾਸ ਮੋਬਾਈਲ ਫ਼ੋਨ ਕਿਸ ਤਰ੍ਹਾਂ ਪਹੁੰਚੇ |