ਪੱਟੀ, 27 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਦੀਆਂ 19 ਵਾਰਡਾਂ ਵਿਚ ਖੜੇ ਕੀਤੇ ਗਏ 19 ਉਮੀਦਵਾਰਾਂ ਦੇ ਹੱਕ ਵਿਚ ਪਾਰਟੀ ਆਗੂਆਂ ਵਲੋਂ ਪੂਰੀ ਤਾਕਤ ਲਗਾਈ ਗਈ | ਇਸ ਮੌਕੇ ੍ਰਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਜੋ ਇਸ ਵੇਲੇ ਜੇਲ੍ਹ ਵਿਚ ਬੰਦ ਹਨ, ਉਨ੍ਹਾਂ ਦੀ ਗੈਰਹਾਜ਼ਰੀ ਵਿਚ ਉਨ੍ਹਾਂ ਦੀ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਚੋਣ ਮੈਦਾਨ ਦੀ ਕਮਾਨ ਸੰਭਾਲੀ ਹੋਈ ਨਜ਼ਰ ਆਈ | ਬੀਬਾ ਭੁੱਲਰ ਸ਼ਹਿਰ ਦੇ ਕਰੀਬ ਸਾਰੇ 19 ਬੂਥਾਂ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੀ ਹੌਸਲਾ ਅਫਜ਼ਾਈ ਕੀਤੀ | ਇਸ ਦੌਰਾਨ ਉਨਾਂ ਵਲੋਂ ਹਰ ਬੂਥ 'ਤੇ ਜਾ ਕੇ ਵੋਟਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਪਾਰਟੀ ਉਮੀਦਵਾਰਾਂ ਦੀ ਜਿੱਤ ਦੇ ਦਾਅਵੇ ਕੀਤੇ ਗਏ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਸੁਰਿੰਦਰ ਕੌਰ ਭੁੱਲਰ ਨੇ ਕਿਹਾ ਕਿ ਇਸ ਵਾਰ ਨਗਰ ਕੌਂਸਲ ਪੱਟੀ 'ਤੇ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣੇਗਾ ਅਤੇ ਪਾਰਟੀ ਦੇ ਸਾਰੇ ਉਮੀਦਵਾਰ ਵੱਡੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਵਿਕਾਸ ਦੇ ਮੁੱਦੇ''ਤੇ ਵੋਟ ਪਾ ਰਹੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ |