ਖਡੂਰ ਸਾਹਿਬ, 28 ਮਈ (ਰਸ਼ਪਾਲ ਸਿੰਘ ਕੁਲਾਰ)-ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਐੱਸ. ਡੀ. ਐੱਮ. ਖਡੂਰ ਸਾਹਿਬ ਸੰਜੀਵ ਸ਼ਰਮਾ ਵਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਸੰਬੰਧੀ ਹਦਾਇਤਾਂ ਅਤੇ ਸਮਾਂ ਸਾਰਣੀ ਬਾਰੇ ਜਾਣਕਾਰੀ ਦਿੱਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਤਹਿਤ ਬੂਥ ਲੈਵਲ ਅਫ਼ਸਰ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਫਾਰਮ ਭਰਵਾਉਣਗੇ | ਉਨ੍ਹਾਂ ਦੱਸਿਆ ਕਿ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 31 ਜੁਲਾਈ 2026 ਨੂੰ ਹੋਵੇਗੀ ਅਤੇ ਦਾਅਵੇ ਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਤੱਕ ਪ੍ਰਾਪਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਹੋਵੇਗੀ | ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਦੀ ਸਿਖ਼ਲਾਈ ਅਤੇ ਹੋਰ ਤਿਆਰੀਆਂ 15 ਜੂਨ ਤੋਂ 24 ਜੂਨ 2026 ਵਿਚਕਾਰ ਮੁਕੰਮਲ ਕੀਤੀਆਂ ਜਾਣਗੀਆਂ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ 24 ਜੁਲਾਈ, 2026 ਤੱਕ ਪੂਰੀ ਹੋ ਜਾਵੇਗੀ | ਇਸ ਦੌਰਾਨ ਉਨ੍ਹਾਂ ਨੇ ਵਿਸ਼ੇਸ਼ ਸੰਖੇਪ ਸੋਧ ਅਤੇ ਵਿਸ਼ੇਸ਼ ਤੀਬਰ ਸੋਧ ਵਿਚ ਅੰਤਰ ਦੱਸਦਿਆਂ ਕਿਹਾ ਕਿ ਐਸ.ਆਈ.ਆਰ. ਦੀ ਪ੍ਰਕਿਰਿਆ ਜਾਂਚ-ਪੜਤਾਲ ਵਾਲੀ ਹੈ | ਇਸ ਵਿਚ ਸਾਰੇ ਵੋਟਰਾਂ ਦੇ ਪ੍ਰਮਾਣ ਪੱਤਰਾਂ ਦੀ ਜਾਂਚ ਦੇ ਨਾਲ-ਨਾਲ ਫੋਟੇ ਅੱਪਡੇਟ, ਉਮਰ ਵਿਚ ਅੰਤਰ ਸੁਧਾਰ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਟੋਲ ਫ੍ਰੀ ਨੰਬਰ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ | 2003 ਦੀ ਵੋਟਰ ਸੂਚੀ ਦੀ ਡਿਟੇਲ ਭਾਰਤ ਚੋਣ ਕਮਿਸ਼ਨ ਦੇ ਵੈੱਬ ਪੋਰਟਲ 'ਤੇ ਦੇਖੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 024-ਖਡੂਰ ਸਾਹਿਬ ਦੇ 91.65 ਫ਼ੀਸਦੀ ਵੋਟਰਾਂ ਦਾ ਪਹਿਲਾਂ ਹੀ 2003 ਦੀ ਵੋਟਰ ਸੂਚੀ ਨਾਲ ਮੈਪ ਕੀਤਾ ਜਾ ਚੁੱਕਾ ਹੈ, ਜੋ ਐੱਸ.ਆਈ.ਆਰ. ਵਿਚ ਸਹਾਇਤਾ ਕਰੇਗਾ | ਉਨ੍ਹਾਂ ਨੇ ਵੋਟਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਅਤੇ ਉਨ੍ਹਾਂ ਨੂੰ ਜਮ੍ਹਾ ਕਰਨ ਲਈ ਲੋੜੀਦੇ ਦਸਤਾਵੇਜ਼ਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਸਪੈਸ਼ਲ ਇੰਨਟੈਂਸਿਵ ਰਵੀਜ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿਚੋਂ ਹਟਾਉਣਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਐੱਸ.ਆਈ.ਆਰ. ਤਹਿਤ ਸਾਰੇ ਵੋਟਰਾਂ ਲਈ ਬੀ.ਐਲ.ਓਜ਼ ਵਲੋਂ ਦਿੱਤੇ ਜਾਣ ਵਾਲੇ ਫਾਰਮ ਨੂੰ ਭਰਨਾ ਜ਼ਰੂਰੀ ਹੋਵੇਗਾ | ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਐੱਸ.ਆਈ.ਆਰ. ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜਨ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਉਨ੍ਹਾਂ ਰਾਜਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ (ਬੀ.ਐੱਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਬੀ.ਐੱਲ.ਏ. ਦੀ ਮੌਜੂਦਗੀ ਨਾਲ ਐੱਸ.ਆਈ.ਆਰ. ਦੀ ਪ੍ਰਕਿਰਿਆ ਹੋਰ ਵਧੇਰੇ ਭਰੋਸੇਯੋਗ ਅਤੇ ਪਾਰਦਰਸ਼ੀ ਬਣੇਗੀ | ਮੀਟਿੰਗ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦੇ ਮੌਜੂਦ ਸਨ, ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਤੋਂ ਇੰਦਰਜੀਤ ਸਿੰਘ, ਬਸਪਾ ਤੋਂ ਸੁਖਦੇਵ ਸਿੰਘ, ਸੀ.ਪੀ.ਆਈ ਤੋਂ ਬਲਜੀਤ ਸਿੰਘ ਤੇ ਆਈ. ਐੱਨ. ਸੀ. ਤੋਂ ਨਵਨੀਤ ਸ਼ਰਮਾ ਸ਼ਾਮਲ ਸਨ |
ਐੱਸ. ਡੀ. ਐੱਮ. ਸੰਜੀਵ ਸ਼ਰਮਾ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਐੱਸ. ਡੀ. ਐੱਮ. ਖਡੂਰ ਸਾਹਿਬ ਸੰਜੀਵ ਸ਼ਰਮਾ | ਤਸਵੀਰ: ਕੁਲਾਰ <br/>
29-05-2026