ਫਤਿਆਬਾਦ, 31 ਮਈ (ਹਰਵਿੰਦਰ ਸਿੰਘ ਧੂੰਦਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਪਿੰਡ ਭਰੋਵਾਲ 'ਚ ਨੌਜਵਾਨਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਹੀ ਗਰੀਬਾਂ, ਕਿਸਾਨਾਂ, ਮਜ਼ਦੂਰਾਂ, ਪੱਛੜੇ ਵਰਗਾਂ ਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ | ਭਰੋਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚ ਰਿਹਾ ਹੈ | ਭਰੋਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਉੱਜਵਲਾ ਯੋਜਨਾ, ਆਯੁਸ਼ਮਾਨ ਭਾਰਤ ਯੋਜਨਾ ਅਤੇ ਹੋਰ ਅਨੇਕਾਂ ਭਲਾਈ ਸਕੀਮਾਂ ਰਾਹੀਂ ਕਰੋੜਾਂ ਲੋਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਆਇਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਰਾਜਨੀਤੀ ਸੇਵਾ, ਵਿਕਾਸ ਅਤੇ ਲੋਕ ਭਲਾਈ 'ਤੇ ਆਧਾਰਿਤ ਹੈ, ਜਦਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਰਾਜਨੀਤੀ ਕਰ ਰਹੀਆਂ ਹਨ | ਭਰੋਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ | ਭਰੋਵਾਲ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਵਿਕਾਸ ਲਈ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਦਾ ਸਮਰਥਨ ਕਰਨਾ ਚਾਹੀਦਾ ਹੈ, ਤਾਂ ਜੋ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋ ਸਕੇ | ਇਸ ਮੌਕੇ ਭਰੋਵਾਲ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਹੋਰ ਮਿਹਨਤ ਕਰਨਗੇ | ਇਸ ਮੌਕੇ ਭੋਲਾ ਸਿੰਘ ਵਸਤੀ, ਯਾਦਵਿੰਦਰ ਸਿੰਘ ਵਿੱਕੀ, ਕੁਲਵਿੰਦਰ ਸਿੰਘ ਰਿੰਕੂ, ਗੁਰਪ੍ਰਤਾਪ ਸਿੰਘ, ਸਾਹਿਬ ਸਿੰਘ, ਗਗਨਦੀਪ ਸਿੰਘ, ਗੁਰਨਾਮ ਸਿੰਘ , ਗੁਰਿੰਦਰ ਸਿੰਘ ਤੇ ਬਲਜੀਤ ਸਿੰਘ ਆਦਿ ਹਾਜ਼ਰ ਸਨ |