ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)-ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਗੱਲਬਾਤ ਕਰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਹੈ ਕਿ ਜਿਵੇਂ ਇਸ ਮਹੀਨੇ ਪੰਜਾਬ ਸਰਕਾਰ ਵਲੋਂ ਚੜ੍ਹਦੇ ਮਹੀਨੇ ਜੂਨ ਦੀ ਪਹਿਲੀ ਤਰੀਕ ਨੂੰ ਸਾਰੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕੀਤੀਆਂ ਗਈਆਂ ਹਨ, ਉਵੇਂ ਹੀ ਪੰਜਾਬ ਦੇ ਲੋੜਵੰਦ ਦਿਵਿਆਂਗ ਵਰਗ ਦੀਆਂ ਵਿੱਤੀ ਸਹਾਇਤਾ ਵਜੋਂ ਮਿਲਦੀਆਂ ਪੈਨਸ਼ਨਾਂ ਵੀ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਜਾਰੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬਹੁਤ ਸਾਰੇ ਜ਼ਿਲਿ੍ਹਆਂ ਵਿਚ ਤਾਂ ਵਿੱਤੀ ਸਹਾਇਤਾ ਪੈਨਸ਼ਨ ਮਹੀਨੇ ਦੇ ਅਖੀਰ ਵਿਚ ਪਾਈ ਜਾਂਦੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਿੰਦਰਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਤਰਨ ਤਾਰਨ, ਜ਼ਿਲ੍ਹਾ ਪ੍ਰਧਾਨ ਕਸ਼ਮੀਰੀ ਲਾਲ ਕਪੂਰਥਲਾ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਿੱਲਾ ਨਿੱਝਰ, ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਹੁਸ਼ਿਆਰਪੁਰ, ਜ਼ਿਲ੍ਹਾ ਪ੍ਰਧਾਨ ਰਾਮ ਲੁਭਾਇਆ ਜਲੰਧਰ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਲੁਧਿਆਣਾ ਤੇ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਸ੍ਰੀਮਤੀ ਦਵਿੰਦਰ ਕੌਰ ਨਰੂੜ ਨੇ ਉਪਰੋਕਤ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਹਿਲ ਦੇ ਅਧਾਰ 'ਤੇ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਪੈਨਸ਼ਨਾਂ ਦੀ ਅਦਾਇਗੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇ ਵੱਖ-ਵੱਖ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਰਾਹਤ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਪੈਨਸ਼ਨਾਂ ਤਾਂ ਹਰੇਕ ਮਹੀਨੇ ਪਾਉਣੀਆਂ ਹੀ ਹੁੰਦੀਆਂ ਹਨ ਫਿਰ ਕਿਓਾ ਨਾ ਪਹਿਲੀ ਤਰੀਕ ਹੀ ਨਿਸ਼ਚਿਤ ਕੀਤੀ ਜਾਵੇ, ਜਿਸ ਨਾਲ ਅੰਗਹੀਣ ਵਿਧਵਾ ਬੁੱਢਾਪਾ ਪੈਨਸ਼ਨਰਾਂ ਨੂੰ ਬਹੁਤ ਵੱਡੀ ਰਾਹਤ ਮਹਿਸੂਸ ਹੋਵੇਗੀ |