ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਬੰਦ ਹਵਾਲਾਤੀ ਦੀ ਦੂਸਰੀ ਹਵਾਲਾਤੀਆਂ ਵਲੋਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਤਿੰਨ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਅਕਾਸ਼ਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਜੇਠੂਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਥਾਣਾ ਵੇਰਕਾ ਅੰਮਿ੍ਤਸਰ ਵਿਖੇ ਦਰਜ ਇਕ ਮਾਮਲੇ ਵਿਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਸੀ ਤਾਂ ਉਸ ਸਮੇਂ ਜੇਲ੍ਹ ਵਿਚ ਬੰਦ ਸੁਖਦੀਪ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਫਤਾਹਪੁਰ, ਰੌਣਕ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਝਬਾਲ, ਲਵਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਖੁਸ਼ੀਪੁਰ ਨੇ ਉਸ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਲਗਾ ਦਿੱਤੀਆਂ ਅਤੇ ਉਹ ਇਲਾਜ ਲਈ ਗੁਰੂ ਨਾਨਕ ਹਸਪਤਾਲ ਅੰਮਿ੍ਤਸਰ ਦਾਖ਼ਲ ਰਿਹਾ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |