ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰਨ ਵਾਲਿਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਇਕ ਵਿਸ਼ੇਸ਼ ਰਾਜ ਪੱਧਰੀ ਸਨਮਾਨ ਸਮਾਰੋਹ 'ਸਿਤਾਰੇ ਜ਼ਮੀਨ 'ਤੇ' ਆਯੋਜਿਤ ਕੀਤਾ ਗਿਆ | ਇਸ ਸ਼ਾਨਦਾਰ ਪ੍ਰੋਗਰਾਮ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿਚੋਂ ਜ਼ਿਲ੍ਹਾ ਪੱਧਰ 'ਤੇ ਪਹਿਲੇ 3 ਸਥਾਨ ਹਾਸਲ ਕਰਨ ਵਾਲੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਕੱਤਰ ਸਿੰਘ ਬੱਲ ਡਾਇਰੈਕਟਰ ਸਕੂਲ ਆਫ਼ ਐਜੂਕੇਸ਼ਨ (ਸੈਕੰਡਰੀ) ਪੰਜਾਬ ਨੇ ਜ਼ਿਲ੍ਹਾ ਤਰਨ ਤਾਰਨ ਦੇ ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮੁਲਾਕਾਤ ਕਰਦਿਆਂ ਜਿੱਥੇ ਉਨ੍ਹਾਂ ਦਾ ਹੌਸਲਾ ਵਧਾਇਆ, ਉਥੇ ਹੀ ਭਵਿੱਖ ਵਿਚ ਪੜ੍ਹਾਈ ਦੇ ਖੇਤਰ ਵਿਚ ਹੋਰ ਬੁਲੰਦੀਆਂ 'ਤੇ ਪਹੁੰਚਣ ਅਤੇ ਦੇਸ਼-ਕੌਮ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਸਕੱਤਰ ਸਿੰਘ ਬੱਲ ਨੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਅਤੇ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੇ ਹਨ | ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਉਨ੍ਹਾਂ ਵਲੋਂ ਬਿਕਰਮਜੀਤ ਸਿੰਘ ਅਤੇ ਇਕਬਾਲ ਸਿੰਘ (ਜੂਨੀਅਰ ਸਹਾਇਕ) ਨੂੰ ਨੋਡਲ ਅਫ਼ਸਰ ਨਿਯੁਕਤ ਕਰਕੇ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਤਰੀਕੇ ਨਾਲ ਸਮਾਰੋਹ ਵਿੱਚ ਸ਼ਾਮਲ ਕਰਵਾਉਣ ਦੀ ਜਿੰਮੇਵਾਰੀ ਸੌਂਪੀ ਗਈ ਸੀ, ਜਿਸ ਨੂੰ ਉਨ੍ਹਾਂ ਬਾਖ਼ੂਬੀ ਨਿਭਾਇਆ | ਸਨਮਾਨਿਤ ਹੋਣ ਵਾਲੇ ਜ਼ਿਲ੍ਹੇ ਦੇ ਪ੍ਰਮੁੱਖ ਸਿਤਾਰਿਆਂ ਵਿਚ ਅੱਠਵੀਂ ਜਮਾਤ ਦੀਆਂ ਲੜਕੀਆਂ ਸਿਮਰਨਜੀਤ ਕੌਰ (594/600), ਕੋਮਲਪ੍ਰੀਤ ਕੌਰ (588/600) ਅਤੇ ਮੁਸਕਾਨਪ੍ਰੀਤ ਕੌਰ (586/600), ਦਸਵੀਂ ਜਮਾਤ ਦੇ ਵਿਦਿਆਰਥੀ ਕਿਰਨਪ੍ਰੀਤ ਕੌਰ (632/650), ਏਕਮਜੋਤ ਕੌਰ (631/650) ਅਤੇ ਸਰਬਦੀਪ ਭੰਡਾਰੀ (624/650), ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਗਰਵ ਦੇਵਗਨ (488/500), ਜਸ਼ਨਪ੍ਰੀਤ ਕੌਰ (488/500) ਅਤੇ ਮਨਸਿਮਰਨ ਕੌਰ (495/500) ਸ਼ਾਮਿਲ ਸਨ | ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਦਿਲੋਂ ਧੰਨਵਾਦ ਕੀਤਾ |