ਗੋਇੰਦਵਾਲ ਸਾਹਿਬ, 5 ਜੂਨ (ਸਕੱਤਰ ਸਿੰਘ ਅਟਵਾਲ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਮਿਸ ਕਿਰਨ ਜੋਤੀ ਵਲੋਂ ਸੈਂਟਰਲ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ | ਇਸ ਮੌਕੇ ਮਿਸ ਅਮਨਦੀਪ ਕੌਰ, ਡਿਪਟੀ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਤਰਨ ਤਾਰਨ ਅਤੇ ਮਿਸ ਮਨਪ੍ਰੀਤ ਕੌਰ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਸਲ ਤਰਨ ਤਾਰਨ ਨਾਲ ਹਾਜ਼ਰ ਰਹੇ | ਇਸ ਮੌਕੇ ਸੈਂਟਰਲ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਡਿਪਟੀ ਸੁਪਰਡੈਂਟ ਜਤਿੰਦਰਪਾਲ ਸਿੰਘ, ਡਿਪਟੀ ਸੁਪਰਡੈਂਟ ਗੁਰਜੰਟ ਸਿੰਘ ਅਤੇ ਉਥੋਂ ਦਾ ਸਟਾਫ ਹਾਜ਼ਰ ਸੀ | ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਜੇਲ੍ਹ ਵਿਚ ਪੌਦੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਉਨ੍ਹਾਂ ਦੱਸਿਆ ਕਿ ਇਹ ਦਿਨ ਲੋਕਾਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ | ਵਾਤਾਵਰਣ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ-ਮੁਕਤ ਰੱਖਣ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸ਼ੁੱਧ ਹਵਾ ਅਤੇ ਆਕਸੀਜਨ ਪ੍ਰਦਾਨ ਕਰਨ ਲਈ ਪੌਦੇ ਲਗਾਉਣੇ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਹੋਂਦ ਕੁਦਰਤ 'ਤੇ ਹੀ ਨਿਰਭਰ ਕਰਦੀ ਹੈ | ਕੁਦਰਤ ਨੂੰ ਬਚਾਉਣ ਲਈ ਕੇਵਲ ਇਕ ਵਿਅਕਤੀ ਕਾਫ਼ੀ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਸਮੇਂ ਸਿਰ ਇਕ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਣ ਲਈ ਕੰਮ ਕਰਨਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਨਿਰਦੇਸ਼ਾਂ ਅਨੁਸਾਰ ਜੇਲ੍ਹ ਵਿੱਚ ਮੈਡੀਕਲ ਕੈਂਪ ਵੀ ਲਗਾਇਆ ਗਿਆ | ਉਨ੍ਹਾਂ ਇਸ ਮੌਕੇ 'ਤੇ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਮੌਕੇ 'ਤੇ ਹੀ ਜੇਲ੍ਹ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਜੇਲ੍ਹ ਵਿਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਕਾਂ ਵਿਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਦੀ ਸਾਫ਼-ਸਫ਼ਾਈ ਦੀ ਜਾਂਚ ਕੀਤੀ, ਹਸਪਤਾਲ ਅਤੇ ਜੇਲ੍ਹ ਦੀ ਮੈੱਸ (ਰਸੋਈ) ਚੈੱਕ ਕੀਤੀ ਅਤੇ ਉਥੋਂ ਦੀ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ | ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੁੰਦੀ ਰਹੇ | ਉਨ੍ਹਾਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਵੀ ਦਿੱਤੀ ਅਤੇ ਉਨ੍ਹਾਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰਵਾਏ ਅਤੇ ਆਪਣੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦੀ ਕਾਰਵਾਈ ਪੂਰੀ ਕਰਕੇ ਜਲਦੀ ਤੋਂ ਜਲਦੀ ਮੁਫ਼ਤ ਕਾਨੂੰਨੀ ਸਹਾਇਤਾ ਦਿਵਾਈ ਜਾਵੇ | ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਉਹ ਸਮਾਜ ਵਿਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਦਾ ਨਿਰਬਾਹ ਕਰਨ ਅਤੇ ਦੁਬਾਰਾ ਕੋਈ ਵੀ ਗੈਰ ਕਾਨੂੰਨੀ ਕੰਮ ਕਰਕੇ ਜੇਲ੍ਹ ਵਿਚ ਨਾ ਆਉਣ | ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਮਿਸ ਕਿਰਨ ਜੋਤੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਦਫ਼ਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜ਼ਿਲ੍ਹਾ ਕਚਹਿਰੀ ਤਰਨ ਤਾਰਨ ਵਿਖੇ ਦਫ਼ਤਰ ਦੇ ਸਮੇਂ ਵਿਚ ਆ ਕੇ ਮਿਲਿਆ ਜਾ ਸਕਦਾ ਹੈ |